Friday, October 9, 2026

ਜ਼ਿਲ੍ਹਾ ਪ੍ਰਸ਼ਾਸਨ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ- ਵਰੁਣ ਰੂਜ਼ਮ

ppn3009201608

ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਆਪ੍ਰੇਸ਼ਨ ਤੋਂ ਬਾਅਦ ਸਰਹੱਦ ‘ਤੇ ਬਣੇ ਹਾਲਾਤ ਦੇ ਮੱਦੇਨਜ਼ਰ ਰਾਜ ਸਰਕਾਰ ਨੂੰ ਕੇਂਦਰ ਤੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਸਰਹੱਦੀ ਪੱਟੀ ਦੇ ਜ਼ਿਲ੍ਹਿਆਂ ਦੇ ਸਰਹੱਦ ‘ਤੇ ਵਸੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਅਤੇ ਅਜਨਾਲਾ ਹਲਕਿਆਂ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ‘ਤੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾ ਕੇ ਲੋਕਾਂ ਲਈ ਸਾਰੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ  ਸਰਹੱਦੀ ਪਿੰਡਾਂ ਦੇ ਲੋਕਾਂ ਲਈ ਸਾਰੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਅਟਾਰੀ ਅਤੇ ਅਜਨਾਲਾ ਦੇ ਸਰਹੱਦੀ ਪੱਟੀ ਵਾਲੇ ਪਿੰਡਾਂ ਦੇ ਲੋਕਾਂ ਲਈ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ 15 ਰਾਹਤ ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਅਜਨਾਲਾ ਹਲਕੇ ਵਿੱਚ ਸ਼ੂਗਰ ਮਿੱਲ ਭੱਲਾ ਪਿੰਡ, ਗੁਰਦੁਆਰਾ ਗੁਰੂ ਕਾ ਬਾਗ਼ ਅਜਨਾਲਾ, ਗੁਰਦੁਆਰਾ ਜਾਗੋ ਸ਼ਹੀਦ ਖਿਆਲਾ, ਅਟਾਰੀ ਹਲਕੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ, ਗੁਰਦੁਆਰਾ ਗੁਰੂ ਕੀ ਵਡਾਲੀ ਛੇਹਰਟਾ, ਡੇਰਾ ਬਾਬਾ ਦਰਸ਼ਨ ਸਿੰਘ ਘਨੂੰਪੁਰ ਕਾਲੇ, ਗੁਰਦਵਾਰਾ ਸੰਨ ਸਾਹਿਬ ਬਾਸਰਕੇ ਗਿੱਲਾਂ ਅਟਾਰੀ, ਸੀ:ਸੈ:ਸ: ਹਰਛਾ ਛੀਨਾ ਅਤੇ ਓਠੀਆਂ, ਗੁਰਦਵਾਰਾ ਗੁਰੂਸਰ ਬਰਾੜ ਮਾਧੋਕੇ ਅਜਨਾਲਾ, ਸੀ:ਸੈ:ਸ: ਟਪਿਆਲਾ, ਸਰਕਾਰੀ ਕਾਲਜ ਅਜਨਾਲਾ, ਆਈ:ਟੀ:ਆਈ ਲੋਪੋਕੇ, ਆਈ:ਟੀ:ਆਈ ਅਜਨਾਲਾ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਛੇ ਹੋਰ ਰਾਹਤ ਕੇਂਦਰ ਬਣਾਉਣ ਦੀ ਕਾਰਵਾਈ ਚੱਲ ਰਹੀ ਹੈ ਅਤੇ ਛੇ ਦੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹਤ ਕੇਂਦਰਾਂ ਵਿਚ ਲੋਕਾਂ ਦੇ ਖਾਣ-ਪੀਣ, ਰਹਿਣ-ਸਹਿਣ, ਡਾਕਟਰੀ ਸਹਾਇਤਾ, ਬਿਜਲੀ, ਟੁਆਇਲਟ, ਪਸ਼ੂਆਂ ਦੇ ਚਾਰੇ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕੇਂਦਰਾਂ ਦੀ ਦੇਖ-ਰੇਖ ਸਬੰਧਤ ਐਸ. ਡੀ. ਐਮਜ਼ ਕਰਨਗੇ। ਇਸ ਤੋਂ ਇਲਾਵਾ ਲੋਕਾਂ ਦੀ ਹਰੇਕ ਤਰ੍ਹਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡਿਜ਼ਾਸਟਰ ਮੈਨੇਜਮੈਂਟ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣਾ ਸਾਰਾ ਸਾਜ਼ੋ-ਸਾਮਾਨ ਤਿਆਰ ਹਾਲਤ ਵਿਚ ਰੱਖਣ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਵੱਖ-ਵੱਖ ਹਦਾਇਤਾਂ ਦਿੰਦਿਆਂ ਸਪੱਸ਼ਟ ਕਿਹਾ ਕਿ ਇਸ ਔਖੀ ਘੜੀ ਵਿਚ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰਨ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਦਫਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 2226363 ਹੈ । ਕਿਸੇ ਵੀ ਮੁਸ਼ਕਲ ਸਮੇਂ ਲੋਕ ਇਸ ਨੰਬਰ ਤੇ ਰਾਬਤਾ ਕਾਇਮ ਕਰ ਸਕਣਗੇ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ ਪੀ ਆਂਗਰਾ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਅਮਨਦੀਪ ਕੌਰ, ਡੀ. ਟੀ. ਓ ਲਵਜੀਤ ਕਲਸੀ, ਐਸ. ਡੀ. ਐਮ ਅੰਮ੍ਰਿਤਸਰ-1 ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਤੇਜਦੀਪ ਸਿੰਘ ਸੈਣੀ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply