ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਮਿਆਲ ਵਿਖੇ ਕ੍ਰਿਸ਼ਨਾ ਪੈਲਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਰਹਿੰਦੇ ਲੋਕ ਸੱਚੇ ਦੇਸ਼ ਭਗਤ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਸ. ਬਾਦਲ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਉੱਪਰ ਬਣੇ ਤਨਾਅ ਪੂਰਨ ਮਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਮੈਂ ਚਾਰ ਦਿਨ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜਪੁਰ ਅਤੇ ਫਾਜਿਲਕਾ ਦਾ ਦੌਰਾ ਕਰ ਰਿਹਾ ਹਾਂ ਅਤੇ ਆਪਣੇ ਦੌਰੇ ਦੌਰਾਨ ਸਰਕਾਰ ਵੱਲੋਂ ਲੋਕਾਂ ਲਈ ਰਾਹਤ ਕੈਂਪ ਵਿੱਚ ਮੁਹਈਆ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਦੀ ਰਾਏ ਵੀ ਲੈ ਰਿਹਾ ਹਾਂ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਸਹੂਲਤਾਂ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਮਨ ਸ਼ਾਂਤੀ ਚਾਹੁੰਦੇ ਹਾਂ ਪਰ ਬਾਹਰਲੀਆਂ ਤਾਕਤਾਂ ਨੇ ਪਹਿਲਾਂ ਸਾਡੇ ਦੇਸ਼ ਵਿੱਚ ਪਾਰਲੀਮੈਂਟ ‘ਤੇ ਹਮਲਾ ਕਰਨ ਦੀ ਕੌਸ਼ਿਸ਼ ਕੀਤੀ ਅਤੇ ਫਿਰ ਮੁਬੰਈ ਵਿਖੇ ਬੇਗੁਨਾਹ ਲੋਕਾਂ ‘ਤੇ ਹਮਲਾ ਕੀਤਾ ਅਤੇ ਹੁਣ ਪਿਛਲੇ ਦਿਨੀ ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਖੇ ਸਾਡੇ ਬਹਾਦਰ ਸੈਨਿਕਾਂ ਨੂੰ ਸ਼ਹੀਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਸੀ, ਸਾਡੇ ਸੈਨਿਕ ਜਵਾਨਾਂ ਨੇ ਸਰਜੀਕਲ ਸਟ੍ਰਾਈਕ ਕਰਕੇ ਅੱਤਵਾਦੀਆਂ ਦੇ ਟਿਕਾਨਿਆਂ ਨੂੰ ਖਤਮ ਕੀਤਾ ਅਤੇ ਆਪਣਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ, ਜਿਸ ਦੀ ਕੋਈ ਮਿਸ਼ਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਸ਼ਮਣ ‘ਤੇ ਕੋਈ ਯਕੀਨ ਨਹੀਂ ਕੀਤਾ ਜਾ ਸਕਦਾ ਕਿ ਉਹ ਕਿੱਤੇ ਹਮਲਾ ਨਾ ਕਰ ਦੇਵੇ, ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਦੀ ਸਲਾਹ ਨਾਲ ਸਰਹੱਦ ਦੇ 10 ਕਿਲੋਮੀਟਰ ਦੇ ਖੇਤਰ ਦੇ ਵਸਨੀਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਉਨ੍ਹਾਂ ਨੂੰ ਉਸ ਖੇਤਰ ਵਿਚੋਂ ਬਾਹਰ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਆਂਦਾ ਗਿਆ ਹੈ। ਜਿੱਥੇ ਉਨ੍ਹਾਂ ਦੇ ਰਹਿਣ, ਖਾਣ-ਪੀਣ ਅਤੇ ਹੋਰ ਸਹੂਲਤਾਂ/ਸੁਵਿਧਾਵਾਂ ਦਾ ਸਾਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ।
ਇਸ ਮੌਕੇ ਬਮਿਆਲ ਦੇ ਵਸਨੀਕ ਸ਼੍ਰੀ ਯਸ਼ਪਾਲ ਵਰਮਾ ਅਤੇ ਬਲਕਾਰ ਸਿੰਘ ਨੇ ਇਸ ਔਖੀ ਘੜੀ ਵਿੱਚ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਆਈ ਹੈ, ਉਦੋਂ ਹੀ ਇਸ ਇਲਾਕੇ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਨੇ ਇਸ ਇਲਾਕੇ ਵਿੱਚ ਰਾਵੀ ਦਰਿਆ ਅਤੇ ਉੱਝ ਦਰਿਆ ਉੱਪਰ ਪੱਕੇ ਪੁਲਾਂ ਦੀ ਉਸਾਰੀ ਕਰਕੇ ਲੋਕਾਂ ਨੂੰ ਆਪਸ ਵਿੱਚ ਜੋੜਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਸੀਮਾ ਕੁਮਾਰ ਵਿਧਾਇਕ ਹਲਕਾ ਭੋਆ ਅਤੇ ਸ. ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਸ਼੍ਰੀ ਦੇਸ ਰਾਜ ਧੁੱਗਾ ਵਿਧਾਇਕ, ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ., ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਵਿਨੋਦ ਕੁਮਾਰ ਅਤੇ ਜਸਵੰਤ ਸਿੰਘ ਰਾਣੀਪੁਰ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media