ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਇੱਕਜੁਠਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਨਾਅ ਪੂਰਨ ਹਲਾਤਾਂ ਦੇ ਬਾਵਜੂਦ ਵੀ ਕਿਸਾਨਾਂ ਨੂੰ ਹਰ ਕੀਮਤ ‘ਤੇ ਆਪਣੀ ਫਸਲ ਕੱਟਣ ਦੀ ਇਜ਼ਾਜਤ ਦਿੱਤੀ ਜਾਵੇਗੀ।
ਜ਼ਿਲ੍ਹਾ ਪਠਾਨਕੋਟ ਅੰਦਰ ਬਣੇ ਰਾਹਤ ਕੈਂਪਾਂ ਦਾ ਤੁਫਾਨੀ ਦੌਰਾ ਕਰਨ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਫਸਲਾਂ ਕਿਸਾਨਾਂ ਨੂੰ ਆਪਣੇ ਬੱਚਿਆਂ ਵਾਂਗ ਪਿਆਰੀਆਂ ਹੁੰਦੀਆਂ ਹਨ ਅਤੇ ਉਹ ਕਿਸੇ ਵੀ ਕੀਮਤ ‘ਤੇ ਇੰਨ੍ਹਾਂ ਦਾ ਨੁਕਸਾਨ ਸਹਿਣ ਨਹੀਂ ਕਰ ਸਕਦੇ। ਸ. ਬਾਦਲ ਨੇ ਕਿਹਾ ਕਿ ਇੰਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਮਾਮਲਾ ਸ਼੍ਰੀ ਰਾਜਨਾਥ ਸਿੰਘ ਕੇਂਦਰੀ ਗ੍ਰਹਿ ਮੰਤਰੀ ਨਾਲ ਉਠਾਇਆ ਸੀ ਅਤੇ ਉਨ੍ਹਾਂ ਨੇ ਤੁਰੰਤ ਬਾਰਡਰ ਸੁਰੱਖਿਆ ਫੋਰਸ (ਬੀ.ਐਸ.ਐਫ.) ਨੂੰ ਆਦੇਸ਼ ਜਾਰੀ ਕੀਤੇ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਆਪਣੀ ਫਸਲ ਕੱਟਣ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੀ ਭਾਰਤ ਸਰਕਾਰ ਨੇ ਉਨ੍ਹਾਂ ਕਿਸਾਨਾਂ ਨੂੰ ਵੀ ਫਸਲ ਕੱਟਣ ਅਤੇ ਚੁੱਕਣ ਦੀ ਇਜ਼ਾਜਤ ਦਿੱਤੀ ਹੈ, ਜਿੰਨ੍ਹਾਂ ਦੀ ਜਮੀਨ ਕੰਡਿਆਲੀ ਤਾਰ ਤੋਂ ਪਾਰ ਹੈ।
ਸਰਹੱਦਾਂ ‘ਤੇ ਰਹਿੰਦੇ ਲੋਕਾਂ ਨੂੰ ਸੱਚੇ ਦੇਸ਼ ਭਗਤ ਕਹਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਦੇ ਉਹ ਪੁੱਤਰ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮੁਸ਼ਕਲਾਂ ਦੇ ਬਾਵਜੂਦ ਇੰਨ੍ਹਾਂ ਬਹਾਦਰ ਅਤੇ ਮਿਹਨਤੀ ਲੋਕਾਂ ਨੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਵੱਡਮੁਲਾ ਯੋਗਦਾਨ ਪਾਇਆ ਹੈ। ਸ. ਬਾਦਲ ਨੇ ਕਿਹਾ ਕਿ ਇਹ ਬਹਾਦਰ ਲੋਕ ਹਰ ਦਿਨ ਦੁਸ਼ਮਣ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਆਪਣੀ ਮਾਤਰਭੂਮੀ ਦੀ ਸੱਚੀ ਸੇਵਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸੂਬਾ ਹੀ ਨਹੀਂ ਬਲਕਿ ਪੂਰਾ ਦੇਸ਼ ਇੰਨ੍ਹਾਂ ਦੀ ਮਿਸ਼ਾਲੀ ਹੋਸਲੇ ਅਤੇ ਦੇਸ਼ ਭਗਤੀ ਦਾ ਰਿਣੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਇਹ ਜਿੰਮੇਵਾਰੀ ਹੈ ਕਿ ਇੰਨ੍ਹਾਂ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ, ਜੋ ਭਾਰਤ-ਪਾਕਿਸਤਾਨ ਦਰਮਿਆਨ ਬਣੇ ਤਨਾਅ ਤੋਂ ਬਾਅਦ ਆਪਣੇ ਘਰ ਬਾਹਰ ਛੱਡ ਕੇ ਆਏ ਹਨ। ਸ. ਬਾਦਲ ਨੇ ਕਿਹਾ ਕਿ ਉਹ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਉਪਲਬੱਧ ਕਰਵਾਈਆਂ ਸਹੂਲਤਾਂ ਅਤੇ ਪ੍ਰਬੰਧਾਂ ਦੀ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਕੇਂਦਰ ਸਰਕਾਰ ਦੀ ਸਲਾਹ ਤੋਂ ਬਾਅਦ ਸਰਹੱਦੀ ਖੇਤਰਾਂ ਵਿੱਚ ਵਸੇ ਲੋਕਾਂ ਨੂੰ ਬਾਹਰ ਕੱਢ ਕੇ ਰਾਹਤ ਕੈਂਪ ਵਿੱਚ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ ਅਤੇ ਮਾਲ ਦੇ ਵੱਡੇ ਨੁਕਸਾਨ ਤੋਂ ਬੱਚਣ ਲਈ ਅਜਿਹਾ ਕੀਤਾ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਰਾਜ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇੰਨ੍ਹਾਂ ਰਾਹਤ ਕੈਂਪਾਂ ਨੂੰ ਸਥਾਪਿਤ ਕਰਨ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਲੋਕਾਂ ਨੂੰ ਸੇਵਾਵਾਂ ਮੁਹਈਆ ਕਰਵਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਧੀਆ ਤਰੀਕੇ ਨਾਲ ਜਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਸ ਸਕੰਟ ਵਿਚੋਂ ਕੱਢਣ ਲਈ ਪੂਰਾ ਸਹਿਯੋਗ ਦੇਵੇਗੀ। ਸ. ਬਾਦਲ ਨੇ ਅੱਗੇ ਕਿਹਾ ਕਿ ਇਸ ਮੌਕੇ ਘਬਰਾਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਬਹਾਦਰ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਹਤ ਕੈਂਪਾਂ ਦੇ ਦੌਰੇ ਤੋਂ ਪਹਿਲਾਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਹੱਦੀ ਲੋਕਾਂ ਦੇ ਭੱਲੇ ਅਤੇ ਸੁਰੱਖਿਆ ਲਈ ਅਰਦਾਸ ਕੀਤੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਨੂੰ ਸ਼੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਵਾਗਤ ਕੀਤਾ।
ਰਾਹਤ ਕੈਂਪਾਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਪੱਟੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਦਾ ਮਕਸਦ ਉਨ੍ਹਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਦੁਸ਼ਮਣ ਕੋਈ ਵੀ ਚਾਲ ਚੱਲ ਸਕਦਾ ਹੈ ਕਿਉਂਕਿ ਉਸ ‘ਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਪਿੰਡ ਰਾਜਸਥਾਨ ਵਰਗੇ ਹੋਰ ਸਰਹੱਦੀ ਸੂਬਿਆਂ ਦੇ ਪਿੰਡਾਂ ਨਾਲੋਂ ਜਿਆਦਾ ਘਣੀ ਵਸੋਂ ਵਾਲੇ ਹਨ। ਇਸ ਕਰਕੇ ਲੋਕਾਂ ਦੀ ਸੁਰੱਖਿਆ ਦੇ ਮੱਦਦੇਨਜ਼ਰ ਉਨ੍ਹਾਂ ਨੂੰ ਇਸ ਖੇਤਰ ਵਿਚੋਂ ਕੱਢਣਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਬਾਰਠ ਸਾਹਿਬ ਅਤੇ ਬਮਿਆਲ ਰਾਹਤ ਕੈਂਪਾਂ ਦਾ ਦੌਰਾ ਕਰਨ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਅਤੇ ਮੁਹਈਆ ਕਰਵਾਈਆਂ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਦਿਨੇਸ਼ ਸਿੰਘ ਬੱਬੂ, ਸ਼੍ਰੀ ਅਸ਼ਵਨੀ ਸ਼ਰਮਾ, ਸ਼੍ਰੀ ਦੇਸ਼ ਰਾਜ ਧੁੱਗਾ, ਸ਼੍ਰੀਮਤੀ ਸੀਮਾ ਕੁਮਾਰੀ(ਤਿੰਨੋ ਵਿਧਾਇਕ), ਸਾਬਕਾ ਮੰਤਰੀ ਜੱਥੇਦਾਰ ਸੁੱਚਾ ਸਿੰਘ ਲੰਗਾਹ, ਪ੍ਰਮੁੱਖ ਸਕੱਤਰ ਡਾ. ਐਸ.ਕਰੁਨਾ ਰਾਜੂ, ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਅਤੇ ਐਸ.ਐਸ.ਪੀ. ਰਾਕੇਸ਼ ਕੌਸ਼ਲ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media