
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਗਏ ਆਪ੍ਰੇਸ਼ਨ ਤੋਂ ਬਾਅਦ ਪੰਜਾਬ ਨਾਲ ਲੱਗਦੀ ਕਰੀਬ ਸਾਢੇ 500 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ‘ਤੇ ਵਸੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਵਿੱਚ ਘਰ ਛੱਡ ਵਾਪਸ ਰਿਸ਼ਤੇਦਾਰਾਂ ਜਾਂ ਕੈਂਪਾਂ ਵੱਲ ਪਰਤ ਰਹੇ ਲੋਕਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦੇ ਮਕਸਦ ਹੇਠ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।
ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਘੋਹਨੇਵਾਲ ਤੇ ਕੋਟ ਰਜਾਦਾ ਵਿਖੇ ਸਰਹੱਦੀ ਲੋਕਾਂ ਨੂੰ ਬੇਖੌਫ ਹੋ ਕੇ ਝੋਨੇ ਦੀ ਫਸਲ ਦੀ ਕਟਾਈ ਕਰਨ ਅਤੇ ਆਪਣੇ-ਆਪਣੇ ਘਰਾਂ ਨੂੰ ਵਾਪਸ ਜਾਣ ਦੇ ਹੁਕਮ ਜਾਰੀ ਕਰਨ ਨਾਲ ਹੁਣ ਫਿਰੋਜ਼ਪੁਰ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਤੇ ਹੋਰ ਸ਼ਹਿਰਾਂ ਦੇ ਪਰਿਵਾਰ ਆਪੋ-ਆਪਣੇ ਘਰਾਂ ਨੂੰ ਵਾਪਸ ਜਾਣਾ ਸ਼ੁਰੂ ਹੋ ਗਏ ਹਨ।ਉਨਾਂ੍ਹ ਕਿਹਾ ਕਿ ਇਸ ਤਣਾਅਪੂਰਨ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਜੋ ਕਾਰਜ ਕੀਤੇ ਗਏ ਉਸ ਨੇ ਲੋਕਾਂ ਨੂੰ ਕਿਸੇ ਬੇਗਾਨੇ ਘਰ ਦੀ ਥਾਂ ਆਪਣੇ ਹੀ ਘਰ ਆਉਣ ਦਾ ਅਹਿਸਾਸ ਕਰਵਾਇਆ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਸਬੰਧਤ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਰਹਿ ਸਕੇ।ਉਨ੍ਹਾਂ ਕਿਹਾ ਕਿ ਇਸ ਸਬੰਧੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਮਹਿਤਾ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਮੋਹਨ ਸਿੰਘ ਬੰਗੀ, ਸ. ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਕਮੇਟੀ ਮੈਂਬਰ, ਸ. ਸੁੱਚਾ ਸਿੰਘ ਲੰਗਾਹ, ਸ. ਸੁਰਜੀਤ ਸਿੰਘ ਭਿਟੇਵਿਢ, ਸ. ਦਰਸ਼ਨ ਸਿੰਘ ਮੋਠਾਂਵਾਲਾ ਤੇ ਸ. ਪ੍ਰੀਤਮ ਸਿੰਘ ਮਨਸੀਆਂ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਨਾਮ ਸ਼ਾਮਲ ਹਨ ਤੇ ਕੋਆਰਡੀਨੇਟਰ ਸ. ਮਨਜੀਤ ਸਿੰਘ ਸਕੱਤਰ ਨੂੰ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਹਿਤ ਤਿੰਨ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਮਨਜੀਤ ਸਿੰਘ ਅਤੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਜਿਨ੍ਹਾਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਨਾਲ ਇਕੱਤਰਤਾਵਾਂ ਕਰਕੇ ਰਾਹਤ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਕਾਰਜਾਂ ਦੀ ਸਮੀਖਿਆ ਕੀਤੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media