Sunday, March 15, 2026

ਕੈਪਟਨ ਅਮਰਿੰਦਰ ਦੇਸ਼ ਦੀ ਸੁਰੱਖਿਆ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਨਾ ਸੇਕਣ – ਭਾਜਪਾ

naveen-singla
ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਵੀਨ ਸਿੰਗਲਾ ਨੇ ਸਰਹੱਦੀ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਬਾਰੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸੈਨਾ ਤੇ ਪ੍ਰਸ਼ਾਸਨ ਵਲੋਂ ਭਾਰਤ-ਪਾਕਿ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ, ਲੇਕਿਨ ਦੂਸਰੇ ਪਾਸੇ ਅਜਿਹੇ ਮਾਹੌਲ ਵਿਚ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਤੁਰ ਪਏ ਹਨ। ਨਵੀਨ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਸਾਬਕਾ ਫ਼ੌਜੀ ਹੋਣ ਦੇ ਬਾਵਜੂਦ ਸਿਰਫ਼ ਸੱਤਾ ਦੀ ਲਾਲਸਾ ਵਿੱਚ ਭਾਰਤੀ ਫ਼ੌਜ ਤੇ ਪੰਜਾਬ ਦੇ ਲੋਕਾਂ ਵਿਚਕਾਰ ਬੇਭਰੋਸਗੀ ਪੈਦਾ ਕਰ ਰਹੇ ਹਨ, ਜਿਸ ਨਾਲ ਸੈਨਾ ਦਾ ਮਨੋਬਲ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਜਿਹੇ ਨਾਜ਼ੁਕ ਮਾਮਲੇ ‘ਤੇ ਨਿਚਲੇ ਪੱਧਰ ਦੀ ਰਾਜਨੀਤੀ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਗੈਰਮਿਆਰੀ ਤੇ ਤੱਥਹੀਣ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੀ ਸਿਆਸੀ ਲਾਹਾ ਲੈਣ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ ਤੇ ਗੁਜਰਾਤ ਦੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply