ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਦਸੰਬਰ 2016 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਝੋ੨ਨੇ ਦੀ ਕਟਾਈ ਤੋਂ ਬਾਅਦ ਉਸ ਦੀ ਪਰਾਲੀ ਨੂੰ ਪੈਲੀ ਵਿਚ ਛੱਡ ਦਿੱਤਾ ਜਾਂਦਾ ਹੈ ਅਤੇ ਬਾਅਦ ਵਿਚ ਪਰਾਲੀ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ। ਕਈ ਵਾਰ ਝੋਨੇ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰੱਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਧਰਤੀ ਵਿਚਲੇ ਕਈ ਤੱਤ ਵੀ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ‘ਤੇ ਵੀ ਅਸਰ ਪੈਂਦਾ ਹੈ। ਸਿੱਟੇ ਵਜੋਂ ਜਨ-ਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ। ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਲੋੜ ਹੈ।
Punjab Post Daily Online Newspaper & Print Media