
ਬਠਿੰਡਾ, 14 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਬਠਿੰਡਾ ਦੀਆ ਮੰਡੀਆਂ ਵਿਚ ਹੁਣ ਤੱਕ 1 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 90 ਹਜਾਰ ਮੀਟਰਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਜ਼ਿਲ੍ਹਾਂ ਬਠਿੰਡਾ ਵਿੱਚ ਝੋਨੇ ਦੀ ਖਰੀਦ ਦੇ ਨਿਗਰਾਨ ਏ.ਐਸ. ਮਿਗਲਾਨੀ ਨੇ ਬਠਿੰਡਾ ਮੰਡੀ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਮਿਗਲਾਨੀ ਨੇ ਦੱਸਿਆ ਕਿ ਹੁਣ ਤੱਕ ਦੀ ਕੁਲ ਖਰੀਦ ਵਿਚੋਂ 60,000 ਮੀਟਰਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ ਜਦਕਿ ਬਾਕੀ ਫ਼ਸਲ ਦੀ ਲਿਫਟਿੰਗ ਜਾਰੀ ਹੈ।ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਸਮੇਤ ਬਠਿੰਡਾ ਮੰਡੀ ਵਿਚ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਮਿਗਲਾਨ ਨੇ ਖਰੀਦ ਪ੍ਰਬੰਧਾਂ, ਲਿਫਟਿੰਗ, ਢੋਆ-ਢੁਆਈ ਅਤੇ ਮੁੱਢਲੀਆਂ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਬਿਨ੍ਹਾਂ ਕਿਸੇ ਦੇਰੀ ਅਤੇ ਅੜਚਣ ਤੋਂ ਚੁੱਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇੜਲੇ ਪਿੰਡ ਗੁਲਾਬਗੜ੍ਹ ਦੇ ਕਿਸਾਨ ਅਜੈਬ ਸਿੰਘ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਫ਼ਸਲ ਦੀ ਕਿਸਮ, ਖਰੀਦ ਅਤੇ ਹੋਰਨਾਂ ਲੋੜੀਂਦੇ ਪ੍ਰਬੰਧਾਂ ਦੀ ਜਾਣਕਾਰੀ ਲਈ। ਇਸ ਉਪਰੰਤ ਸ਼੍ਰੀ ਮਿਗਲਾਨੀ ਨੇ ਗੋਨਿਆਣਾ ਅਤੇ ਸੰਗਤ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਤੋਂ ਖਰੀਦ, ਲਿਫਟਿੰਗ ਅਤੇ ਨਮੀ ਦੀ ਮਿਕਦਾਰ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪੱਤਰਕਾਰਾਂ ਵਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿਚ ਸ਼੍ਰੀ ਮਿਗਲਾਨੀ ਨੇ ਕਿਹਾ ਕਿ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਹੈ। ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼੍ਰੀ ਮਿਗਲਾਨੀ ਨੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਸਹੂਲਤ ਲਈ ਬਿਨ੍ਹਾਂ ਕਿਸੇ ਦੇਰੀ ਅਤੇ ਰੁਕਾਵਟ ਤੋਂ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਪਨਸਪ, ਪਨਗ੍ਰੇਨ, ਮਾਰਕਫੈੱਡ, ਐਫ.ਸੀ.ਆਈ, ਵੇਅਰਹਾਊਸ ਆਦਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਬਾਰਦਾਨੇ, ਢੋਆ-ਢੁਆਈ ਅਤੇ ਅਦਾਇਗੀਆਂ ਬਾਰੇ ਵੀ ਪੁੱਛਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਖਰੀਦੇ ਝੋਨੇ ਦੀ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ। ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਉਪ ਮੰਡਲ ਮੈਜਿਸਟਰੇਟ ਵਰਿੰਦਰ ਸਿੰਘ, ਅਨਮੋਲ ਸਿੰਘ ਧਾਲੀਵਾਲ, ਨਰਿੰਦਰ ਸਿੰੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media