ਬਟਾਲਾ, 18 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਗਏ ਮੈਰੀਟੋਰੀਅਸ ਸਕੂਲਾਂ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ। ਮੈਰੀਟੋਰੀਅਸ ਸਕੂਲਾਂ ਨੇ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਦੇ ਭਵਿੱਖ ਨੂੰ ਇੱਕ ਨਵੀਂ ਉਡਾਨ ਦਿੱਤੀ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਮੋਹਰੀ ਰਹਿ ਕੇ ਰਾਜ ਸਰਕਾਰ ਦਾ ਸੁਪਨਾ ਪੂਰਾ ਕੀਤਾ ਹੈ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈਰੀਟੋਰੀਅਸ ਸਕੂਲ ਰਾਜ ਸਰਕਾਰ ਦੀ ਇੱਕ ਅਹਿਮ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਵਿਚ ਦਸਵੀਂ ਜਮਾਤ ਦੇ ਹੁਸ਼ਿਆਰ ਵਿਦਿਆਰਥੀ ਜੋ ਬੋਰਡ ਦੇ ਇਮਤਿਹਾਨ ਵਿੱਚੋਂ 80 ਫੀਸਦੀ ਤੋਂ ਵੱਧ ਨੰਬਰ ਲੈ ਕੇ ਪਾਸ ਹੁੰਦੇ ਹਨ ਰਾਜ ਸਰਕਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਦੇ ਕੇ ਵੱਖ-ਵੱਖ ਵਿਸ਼ਿਆਂ ਵਿਚ ਗਿਆਰਵੀਂ ਤੇ ਬਾਹਰਵੀਂ ਜਮਾਤ ਦੀ ਪੜਾਈ ਮੁਫਤ ਕਰਵਾਈ ਜਾਂਦੀ ਹੈ।
ਚੇਅਰਮੈਨ ਕਾਹਲੋਂ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਮੁਫਤ ਹੋਸਟਲ, ਖਾਣਾ, ਕਿਤਾਬਾਂ ਅਤੇ ਵਰਦੀ ਆਦਿ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇੰਨਾਂ ਹੀ ਨਹੀਂ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਉਨਾਂ ਦੀ ਇੱਛਾ ਅਨੁਸਾਰ ਚੁਣੇ ਗਏ ਵਿਸ਼ਿਆਂ ਵਿਚ ਮਾਹਿਰ ਸਿੱਖਿਆ ਸ਼ਾਸਤਰੀਆਂ ਵੱਲੋਂ ਉਹ ਮੁਫਤ ਕੋਚਿੰਗ ਦਿੱਤੀ ਜਾ ਰਹੀ ਹੈ ਜੋ ਵੱਡੇ-ਵੱਡੇ ਸ਼ਹਿਰਾਂ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੱਡੀਆਂ ਫੀਸਾਂ ਲੈ ਕੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ।
ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਹੈ ਕਿ ਉਹ ਹੁਸ਼ਿਆਰ ਵਿਦਿਆਰਥੀ, ਜੋ ਵਿੱਤੀ ਤੇ ਹੋਰ ਸਾਧਨਾਂ ਦੀ ਕਮੀ ਕਾਰਨ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਨਹੀਂ ਕਰ ਸਕਦੇ, ਉਨਾਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਕੇ ਚੰਗੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਦਾਖਲਾ ਦਿਵਾਇਆ ਜਾਵੇ ਤਾਂ ਜੋ ਹਰ ਹੁਸ਼ਿਆਰ ਵਿਦਿਆਰਥੀ ਚੰਗਾ ਮੁਕਾਮ ਹਾਸਲ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਰੰਗ ਵੀ ਲਿਆਈਆਂ ਹਨ ਅਤੇ ਇਸ ਸਾਲ ਮੈਰੀਟੋਰੀਅਸ ਸਕੂਲਾਂ ਦੇ 31 ਵਿਦਿਆਰਥੀ ਆਈ.ਆਈ.ਟੀ ਵਿੱਚ ਸਿਲੈਕਟ ਹੋਏ ਹਨ ਅਤੇ 56 ਬੱਚਿਆਂ ਨੇ ਪੀ.ਐਮ.ਟੀ ਕਲੀਅਰ ਕੀਤੀ ਹੈ, ਜੋ ਸਿੱਖਿਆ ਦੇ ਖੇਤਰ ਵਿੱਚ ਰਾਜ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media