ਅੰੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ-ਕੁਲਪਤੀ ਪ੍ਰੋ:ਅਰੁਨ ਗਰੋਵਰ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾਖਲਾ ਟੈਸਟ ਲੈਣ ਤੋਂ ਇਨਕਾਰ ਕਰਨ ਤੇ ਭਾਰਤ ਦੇ ਉਪ ਰਾਸ਼ਟਰਪਤੀ ਜਨਾਬ ਹਾਮਿਦ ਅਨਸਾਰੀ ਨੂੰ ਚਿੱਠੀ ਲਿਖੀ ਹੈ।ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ ‘ਚ ਪੰਜਾਬ ਯੂਨੀਵਰਸਿਟੀ ਦੇ ਉੱਪ-ਕੁਲਪਤੀ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਲਏ ਗਏ ਫੈਸਲੇ ਨੂੰ ਮੰਦਭਾਗਾ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲੱਗਾ ਹੋਇਆ ਹੈ ਜੋ ਪੰਜਾਬੀ ਮਾਧਿਅਮ ਰਾਹੀਂ ਪੜ੍ਹਾਈ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਥਾਨਕ ਭਾਸ਼ਾਵਾਂ ਨੂੰ ਉੱਚ ਪੱਧਰ ‘ਤੇ ਲਾਗੂ ਕਰਨ ਦੀ ਹਾਮੀ ਭਰਨ ਵਾਲੀ ਪੰਜਾਬ ਯੂਨੀਵਰਸਿਟੀ ਖੁਦ ਹੀ ਅੰਗਰੇਜ਼ੀ ਭਾਸ਼ਾ ਨੂੰ ਪ੍ਰਮੁੱਖਤਾ ਦੇ ਰਹੀ ਹੈ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰ ਰਹੀ ਹੈ, ਜਦਕਿ ਪੰਜਾਬ ਯੂਨੀਵਰਸਿਟੀ ਦੇ ਹੀ ਕਾਨੂੰਨ ਵਿਭਾਗ ਵੱਲੋਂ ਤਿੰਨਾਂ ਭਾਸ਼ਾਵਾਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ‘ਚ ਦਾਖਲਾ ਟੈਸਟ ਲਿਆ ਜਾਂਦਾ ਹੈ। ਉਨ੍ਹਾਂ ਚਿੱਠੀ ਰਾਹੀਂ ਉਪ-ਰਾਸ਼ਟਰਪਤੀ ਜਨਾਬ ਹਾਮਿਦ ਅਨਸਾਰੀ ਨੂੰ ਅਪੀਲ ਕੀਤੀ ਕਿ ਉਹ ਖੁਦ ਇਸ ਮਾਮਲੇ ਨੂੰ ਡੂੰਘਾਈ ਨਾਲ ਵਿਚਾਰ ਕੇ ਢੁੱਕਵਾਂ ਹੱਲ ਕੱਢਣ ਤਾਂ ਕਿ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ‘ਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …