
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਦੇ ਹਿੱਸੇ ਵਜੋਂ ਟਾਊਨਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਵ ਦੀ ਸਭ ਤੋਂ ਖੂਬਸੂਰਤ ਵਿਰਾਸਤੀ ਸਟਰੀਟ ਤੋਂ ਇਲਾਵਾ ਪੁਰਾਤਨ ਸਿੱਖ ਸ਼ਿਲਪਕਲਾ ਦੇ ਅਦਭੁੱਤ ਤੇ ਅਨੋਖੇਪਣ ਨੂੰ ਦਰਸਾਉਂਦਾ ਆਲੀਸ਼ਾਨ ਪ੍ਰਵੇਸ਼ ਦੁਆਰ ਮਾਨਵਤਾ ਨੂੰ ਸਮਰਪਿਤ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਪਲਾਜ਼ਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੂੰ ਜਾਂਦਾ ਹੈ ਜਿਸ ਨੇ ਪੰਜਾਬ ਦੀ ਸ਼ਾਨਦਾਰ ਤੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਦਾ ਕਾਰਜ ਆਪਣੇ ਹੱਥ ਲਿਆ ਅਤੇ ਵਿਰਾਸਤ-ਏ-ਖਾਲਸਾ, ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ, ਬਾਬਾ ਬੰਦਾ ਸਿੰਘ ਜੰਗੀ ਯਾਦਗਾਰ, ਜੰਗੀ ਨਾਇਕ ਯਾਦਗਾਰ ਤੇ ਸਮਾਰਕ ਵਰਗੀਆਂ ਅਤੀ ਆਧੁਨਿਕ ਯਾਦਗਾਰਾਂ ਸਥਾਪਤ ਕੀਤੀਆਂ। ਇਸ ਤੋਂ ਇਲਾਵਾ ਜੰਗ-ਏ-ਆਜ਼ਾਦੀ ਯਾਦਗਾਰ, ਬਾਬਾ ਜੀਵਨ ਸਿੰਘ, ਗੁਰੂ ਰਵਿਦਾਸ ਜੀ ਦੀ ਯਾਦਗਾਰ ਅਤੇ ਭਗਵਾਨ ਵਾਲਮੀਕਿ ਜੀ ਸਥਲ ਯਾਦਗਾਰਾਂ ਛੇਤੀ ਹੀ ਮਾਨਵਤਾ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਸੂਬਾ ਸਰਕਾਰ ਦੀਆਂ ਇਸ ਸਬੰਧ ਵਿੱਚ ਠੋਸ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਸਾਡੇ ਮਹਾਨ ਸੱਭਿਆਚਾਰ ਦੀ ਸ਼ਾਨਦਾਰ ਤੇ ਅਮੀਰ ਵਿਰਾਸਤ ਦੀ ਸੰਭਾਲ ਹੋ ਸਕੀ ਹੈ ਜੋ ਕਿ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸੱਭਿਆਚਾਰ ਤੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਸਮਾਂ ਪੈਣ ਨਾਲ ਖਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਭਵਿੱਖੀ ਪੀੜ੍ਹੀਆਂ ਲਈ ਸੰਭਾਲ ਕੇ ਰੱਖਣਾ ਸਾਡਾ ਫਰਜ਼ ਤੇ ਜ਼ਿੰਮੇਵਾਰੀ ਹੈ। ਇਸ ਮੌਕੇ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਲਾਂਘਿਆਂ ‘ਤੇ ਯਾਦਗਾਰੀ ਗੇਟ ਸਥਾਪਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਬਹੁਤ ਵੱਡਿਆਂ ਭਾਗਾਂ ਵਾਲੇ ਹਾਂ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਇਸ ਪ੍ਰਾਜੈਕਟ ਨੂੰ ਵਿਕਸਤ ਹੀ ਨਹੀਂ ਕੀਤਾ ਸਗੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦਾ ਮਾਹੌਲ ਵਿੱਚ ਪਵਿੱਤਰਤਾ ਤੇ ਆਸਥਾ ਨੂੰ ਵੀ ਬਰਕਰਾਰ ਰੱਖਿਆ ਹੈ। ਸੁੰਦਰੀਕਰਨ ਦੀ ਸਮੁੱਚੀ ਯੋਜਨਾ ਨੇ ਸਿੱਖ ਸ਼ਿਲਪਕਲਾ ਨੂੰ ਕੇਂਦਰਿਤ ਕੀਤਾ ਹੈ ਜਿਸ ਨਾਲ ਪਵਿੱਤਰ ਨਗਰੀ ਦਾ ਅਸਲ ਰੂਪ ਪੇਸ਼ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪ੍ਰਾਜੈਕਟ ਅਕਾਲ ਪੁਰਖ ਦੇ ਅਸ਼ੀਰਵਾਦ ਨਾਲ ਹੀ ਹੋਂਦ ਵਿੱਚ ਆਉਂਦੇ ਹਨ। ਜਦੋਂ ਉਹ 90ਵਿਆਂ ਦੇ ਅੱਧ ਵਿੱਚ ਇਜ਼ਰਾਇਲ ਗਏ ਸਨ ਤਾਂ ਉਹ ਅਚਾਨਕ ਹੀ ਵਿਸ਼ਵ ਪ੍ਰਸਿੱਧ ਸ਼ਿਲਪਕਾਰ ਮੌਸ਼ੇ ਸੈਫਦੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਖਾਲਸਾ ਵਿਰਾਸਤੀ ਪ੍ਰਾਜੈਕਟ ਦਾ ਡਿਜ਼ਾਇਨ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਜੋ ਕਿ ਉਨ੍ਹਾਂ ਦਾ ਸੁਪਨਾ ਸੀ।
ਇਸ ਮੌਕੇ ਬੋਲਦਿਆਂ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਸਾਲ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ਦੀ ਹਾਲਤ ਬਹੁਤ ਤਰਸਯੋਗ ਸੀ ਅਤੇ ਭੀੜੀਆਂ ਗਲੀਆਂ ਕਰਕੇ ਆਵਾਜਾਈ ਜਾਮ ਹੀ ਰਹਿੰਦੀ ਸੀ।
ਉਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਦਰਬਾਰ ਸਾਹਿਬ ਦੇ ਦਾਖਲਾ ਗੇਟ ਨੇੜੇ ਬਣਾਏ ਪਲਾਜ਼ਾ ਵਿਚ ਮੁੱਖ ਆਕਰਸ਼ਨ ਦਾ ਕੇਂਦਰ ਇਕ ਇੰਟਰਪ੍ਰਿਟੇਸ਼ਨ ਸੈਂਟਰ ਹੈ ਜਿਥੇ ਸਿੱਖ ਇਤਿਹਾਸ, ਧਾਰਮਿਕ ਫਲਸਫੇ ਅਤੇ ਸਭਿਆਚਾਰ ਬਾਰੇ ਨਾ ਸਿਰਫ ਪੰਜਾਬ ਦੀ ਨੌਜਵਾਨ ਪਨੀਰੀ ਨੂੰ ਜਾਗਰੂਕ ਕੀਤਾ ਜਾਵੇਗਾ ਸਗੋਂ ਉਨ੍ਹਾਂ ਵਿਦੇਸ਼ੀ ਸੈਲਾਨੀਆਂ ਨੂੰ ਵੀ ਅਹਿਮ ਜਾਣਕਾਰੀ ਮਿਲੇਗੀ ਜੋ ਕਿ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਤੇ ਸਭਿਆਚਾਰ ਅਤੇ ਉਨ੍ਹਾਂ ਦੀਆਂ ਅਣਗਿਣਤ ਕੁਰਬਾਨੀਆਂ ਬਾਰੇ ਜਾਨਣਾ ਚਾਹੁੰਦੇ ਹਨ।
ਸਮੂਹ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨੂੰ ਇਸ ਅਦਭੁੱਤ ਸਥਾਨ ਦੇ ਦਰਸ਼ਨ ਕਰਨ ਲਈ ਪ੍ਰੇਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨਿਵੇਕਲਾ ਉਦਮ ਨਾ ਸਿਰਫ ਸੂਬੇ ਦੀ ਸਭਿਆਚਾਰਕ, ਇਤਿਹਾਸਕ ਅਤੇ ਇਮਾਰਤੀ ਵਿਰਾਸਤਾਂ ਨੂੰ ਸਾਂਭਣ ਵਿਚ ਸਹਾਈ ਸਿੱਧ ਹੋਵੇਗਾ ਸਗੋਂ ਦੂਨੀਆਂ ਭਰ ਵਿਚ ਰਹਿੰਦੇ ਸਿੱਖਾਂ ਨੂੰ ਇਨਸਾਨੀਅਤ ਦਾ ਇਕ ਚਾਨਣ ਮੁਨਾਰਾ ਸਾਬਤ ਹੋਵੇਗਾ।
ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸ਼ਾਨਦਾਰ ਯਾਦਗਾਰਾਂ ਤੇ ਸਮਾਰਕਾਂ ਨਾਲ ਇਤਿਹਾਸ ਨੂੰ ਮੁੜ ਪੇਸ਼ ਕੀਤਾ ਹੈ ਜਿਸ ਨਾਲ ਸੂਬੇ ਦੇ ਅਮੀਰ ਵਿਰਸੇ ਨੂੰ ਮੂਰਤੀਮਾਨ ਕਰਨ ਦੇ ਨਾਲ-ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਵਾਲੇ ਪ੍ਰਾਜੈਕਟ ਇਸ ਪਵਿੱਤਰ ਸ਼ਹਿਰ ਵਿੱਚ ਸੈਰ ਸਪਾਟੇ ਨੂੰ ਹੋਰ ਵਧਾਏਗਾ ਜਿੱਥੇ ਕਿ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਇਸ ਸੁੰਦਰੀਕਰਨ ਪ੍ਰਾਜੈਕਟ ਦੇ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਦੀ ਵੀ ਸ਼ਲਾਘਾ ਕੀਤੀ ਜਿਸ ਦੀ ਬਦੌਲਤ ਇਹ ਪ੍ਰਾਜੈਕਟ ਮਾਨਵਤਾ ਨੂੰ ਸਮਰਪਿਤ ਕੀਤਾ ਗਿਆ ਹੈ।
ਪਵਿੱਤਰ ਨਗਰੀ ਨੂੰ ਨਵੀਂ ਦਿੱਖ ਦੇਣ ਲਈ ਚੁੱਕੇ ਲਾਮਿਸਾਲ ਕਦਮਾਂ ਲਈ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਇਸ ਪਵਿੱਤਰ ਸਥਾਨ ‘ਤੇ ਆ ਕੇ ਅਕਾਲੀ-ਭਾਜਪਾ ਗੱਠਜੋੜ ਵੱਲੋਂ ਨਿਭਾਈ ਸ਼ਾਨਦਾਰ ਸੇਵਾ ਨੂੰ ਅੱਖੀਂ ਤੱਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜੁਆਬ ਦੇਣ ਲਈ ਸਮੁੱਚੇ ਸਿੱਖ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹ ਕੇ ਇਕਜੁਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਬਾਬਾ ਹਰਨਾਮ ਸਿੰਘ ਨੇ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਦਿਖਾਈ ਵਚਨਬੱਧਤਾ ਤੇ ਸਮਰਪਿਤ ਭਵਾਨਾ ਲਈ ਦੋਵਾਂ ਨੇਤਾਵਾਂ ਦੀ ਸ਼ਲਾਘਾ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ ਨੇ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਲਈ ਚੁੱਕੇ ਇਤਿਹਾਸਕ ਕਦਮ ਲਈ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਨੂੰ ਨਵੀਂ ਦਿੱਖ ਦੇ ਕੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਮਾਨਵਤਾ ਦੀ ਮਹਾਨ ਸੇਵਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਰਕਾਰ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਜੋ ਕਿ ਸੱਚਮੁੱਚ ਹੀ ਇਕ ਵਡਮੁੱਲਾ ਕਾਰਜ ਹੈ।
ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਜਨਮੇਜਾ ਸਿੰਘ ਸੇਖੋਂ, ਸੁਰਜੀਤ ਸਿੰਘ ਰੱਖੜਾ, ਸ੍ਰੀ ਅਨਿਲ ਜੋਸ਼ੀ, ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ਼ਰਨਜੀਤ ਸਿੰਘ ਢਿੱਲੋਂ ਤੇ ਸੋਹਣ ਸਿੰਘ ਠੰਡਲ, ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਸ੍ਰੀ ਐਨ.ਕੇ. ਸ਼ਰਮਾ ਤੇ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਸੇਵਾ ਸਿੰਘ ਸੇਖਵਾਂ, ਨਿਰਮਲ ਸਿੰਘ ਕਾਹਲੋਂ, ਚੇਅਰਮੈਨ ਪੰਜਾਬ ਐਗਰੋ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਉਪ ਮੁੱਖ ਮੰਤਰੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਸਕੱਤਰ ਸੈਰ ਸਪਾਟਾ ਸ੍ਰੀ ਹੁਸਨ ਲਾਲ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਪੀ.ਐ ਔਜਲਾ ਤੇ ਸ੍ਰੀ ਰਾਹੁਲ ਤਿਵਾੜੀ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀਮਤੀ ਸੇਨੂ ਦੁੱਗਲ, ਪੁਲੀਸ ਕਮਿਸ਼ਨਰ ਸ੍ਰੀ ਲੋਕ ਨਾਥ ਆਂਗਰਾ ਤੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media