
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਦੇ ਸਬੰਧ ਵਿੱਚ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਲੈਣ ਲਈ ਅੱਜ ਵਧੀਕ ਮੁੱਖ ਸਕੱਤਰ ਸ. ਜਗਪਾਲ ਸਿੰਘ ਸੰਧੂ ਵੱਲੋਂ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਐਡੀਸ਼ਨਲ ਚੀਫ ਸੈਕਟਰੀ ਸ. ਸੰਧੂ ਵੱਲੋਂ ਸਥਾਨਕ ਸਰਕਟ ਹਾਊਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਅਤੇ ਪੁਲਿਸ ਕਮਿਸ਼ਨਰ ਸ੍ਰੀ ਲੋਕ ਨਾਥ ਆਂਗਰਾ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬੀ ਸੂਬਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਪਰੰਤ ਮੌਕੇ ‘ਤੇ ਜਾ ਕੇ ਤਿਆਰੀਆਂ ਦਾ ਜਾਇਜਾ ਲਿਆ।
ਐਡੀਸ਼ਨਲ ਚੀਫ ਸੈਕਟਰੀ ਸ. ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਨਵੰਬਰ ਨੂੰ ਅੰਮ੍ਰਿਤਸਰ ਦੀ ਰਣਜੀਤ ਐਵੀਨਊ ਦੀ ਗਰਾਊਂਡ ਵਿਖੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਬਹੁਤ ਵੱਡਾ ਸਮਾਗਮ ਕਰਾਇਆ ਜਾ ਰਿਹਾ ਹੈ ਜਿਸ ਵਿੱਚ 1 ਲੱਖ ਦੇ ਕਰੀਬ ਲੋਕ ਭਾਗ ਲੈਣਗੇ। ਸ. ਸੰਧੂ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਸਰਕਾਰ ਦੀ ਸਮੁੱਚੀ ਵਜ਼ਾਰਤ, ਕੇਂਦਰ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵੱਡੇ ਸਮਾਗਮ ਦੀ ਕਾਮਯਾਬੀ ਲਈ ਹਰ ਵਿਭਾਗ ਨੂੰ ਆਪਣੀ ਡਿਊਟੀ ਨੂੰ ਹੁਣ ਤੋਂ ਹੀ ਸਿਰੇ ਚੜਾਉਣ ਲਈ ਯਤਨ ਕਰ ਦੇਣੇ ਚਾਹੀਦੇ ਹਨ।
ਸ. ਸੰਧੂ ਨੇ ਕਿਹਾ ਕਿ ਪੰਜਾਬੀ ਸੂਬਾ ਸਮਾਗਮ ਵਿੱਚ ਲੋਕਾਂ ਦੇ ਆਉਣ ਲਈ ਸਾਧਨਾ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਨਾਲ ਹੀ ਵਾਹਨਾ ਦੀ ਪਾਰਕਿੰਗ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਲੰਗਰ ਪਾਣੀ ਆਦਿ ਦੇ ਵੀ ਪ੍ਰਬੰਧ ਸਰਕਾਰ ਵੱਲੋਂ ਕੀਤੇ ਜਾਣਗੇ। ਸ. ਸੰਧੂ ਨੇ ਪੁਲਿਸ ਵਿਭਾਗ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਦੱਸਿਆ ਕਿ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਮੇਟੀਆਂ ਨੂੰ ਵੱਖ-ਵੱਖ ਡਿਊਟੀਆਂ ਦੇ ਦਿੱਤੀਆਂ ਗਈਆਂ ਹਨ ਅਤੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਪੰਜਾਬੀ ਸੂਬਾ ਸਮਾਗਮ ਪੂਰੀ ਤਰ੍ਹਾਂ ਸਫਲ ਹੋਵੇਗਾ ਅਤੇ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media