ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਦੇ ਮੌਕੇ ਭਲਕੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦਾ ਅੱਜ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਅੱਜ ਜਾਇਜ਼ਾ ਲਿਆ ਅਤੇ ਸਮਾਗਮਾਂ ਦੀ ਸਫਲਤਾ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਮੌਕੇ ਉਨ੍ਹਾਂ ਨਾਲ ਡੀ. ਜੀ. ਪੀ ਪੰਜਾਬ ਸ੍ਰੀ ਸੁਰੇਸ਼ ਅਰੋੜਾ, ਸਤੀਸ਼ ਚੰਦਰਾ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਰਾਹੁਲ ਤਿਵਾੜੀ, ਪੁਲਿਸ ਅਧਿਕਾਰੀ ਸ੍ਰੀ ਹਰਦੀਪ ਸਿੰਘ ਢਿੱਲੋਂ, ਸ੍ਰੀ ਨਰੇਸ਼ ਅਰੋੜਾ ਤੇ ਅਮਰ ਸਿੰਘ ਚਾਹਲ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਲੋਕ ਨਾਥ ਆਂਗਰਾ, ਕਮਿਸ਼ਨਰ ਜਲੰਧਰ ਡਵੀਜ਼ਨ ਹਰਭੁਪਿੰਦਰ ਸਿੰਘ ਨੰਦਾ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀਮਤੀ ਸੋਨਾਲੀ ਗਿਰੀ, ਸੰਯੁਕਤ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਉਮਾ ਸ਼ੰਕਰ ਗੁਪਤਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਡਾ. ਸੇਨੂੰ ਦੁੱਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਸਰਵੇਸ਼ ਕੌਸ਼ਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਨਵੰਬਰ ਨੂੰ ਅੰਮ੍ਰਿਤਸਰ ਦੀ ਰਣਜੀਤ ਐਵੀਨਿਊ ਦੀ ਗਰਾਊਂਡ ਵਿਖੇ ਦਿਨ ਵੇਲੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਬਹੁਤ ਵੱਡਾ ਸਮਾਗਮ ਕਰਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਸ਼ਾਮ ਨੂੰ ਟਾਊਨ ਹਾਲ ਵਿਖੇ ਇਕ ਦਿਲਕਸ਼ ਲਾਈਟ ਐਂਡ ਸਾਊਂਡ ਅਤੇ ਲੇਜ਼ਰ ਸ਼ੋਅ ਹੋਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਸਰਕਾਰ ਦੀ ਸਮੁੱਚੀ ਵਜ਼ਾਰਤ, ਕੇਂਦਰ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਭਾਗ ਲੈਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਪੰਜਾਬੀ ਸੂਬੇ ਲਈ ਕੁਰਬਾਨੀਆਂ ਕਰਨ ਅਤੇ ਇਸ ਵਿਚ ਅਹਿਮ ਯੋਗਦਾਨ ਪਾਉਣ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ ਉਥੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਪੰਜਾਬੀਆਂ ਦਾ ਵੀ ਸਨਮਾਨ ਹੋਵੇਗਾ।
ਇਸ ਮੌਕੇ ਉਨ੍ਹਾਂ ਸਮਾਗਮ ਲਈ ਕੀਤੀਆਂ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।ਡੀ. ਜੀ. ਪੀ ਸ੍ਰੀ ਸੁਰੇਸ਼ ਅਰੋੜਾ ਨੇ ਇਸ ਮੌਕੇ ਦੱਸਿਆ ਕਿ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਕਰਨ ਤੋਂ ਇਲਾਵਾ ਆਵਾਜਾਈ ਅਤੇ ਪਾਰਕਿੰਗ ਦੇ ਵੀ ਸੁਚਾਰੂ ਪ੍ਰਬੰਧ ਕੀਤੇ ਗਏ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media