ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡੀ. ਐਸ. ਪੀ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨਵਜੋਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਪੁਰਾ, ਰਣਜੀਤ ਐਵੀਨਿਊ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਮਾਰਚ ਵੀ ਕੱਢਿਆ ਗਿਆ। ਨਵਜੋਤ ਸਿੰਘ ਨੇ ਸਮਾਜ ਵਿਚ ਫ਼ੈਲੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੇ ਫੋਨ ਨੰਬਰ 0183-2210413 ਉੱਤੇ ਜਾਂ ਟੋਲ ਫਰੀ ਨੰਬਰ 1800 1800 1000 ਉੱਤੇ ਦਿੱਤੀ ਜਾਵੇ। ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਵੀ ਭ੍ਰਿਸ਼ਟਾਚਾਰ ਖਿਲਾਫ਼ ਆਵਾਜ਼ ਉਠਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸ਼ਹਿਰ ਦੀਆਂ ਨਾਮਵਰ ਹਸਤੀਆਂ ਨੇ ਬੱਚਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕ ਕੀਤਾ ਜਿਨ੍ਹਾਂ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ, ਕੌਂਸਲਰ ਪ੍ਰਿਤਪਾਲ ਸਿੰਘ ਤੇ ਕਸ਼ਮੀਰ ਸਿੰਘ ਆਦਿ ਸ਼ਾਮਿਲ ਸਨ। ਇਸ ਮੌਕੇ ਹਾਜ਼ਰੀਨ ਵੱਲੋਂ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਪਿਛਲੇ ਸਮੇਂ ਵਿਚ ਭ੍ਰਿਸ਼ਟਾਚਾਰ ਖਿਲਾਫ਼ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media