ਅਟਾਰੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਛੇਵੇਂ ਵਿਸ਼ਵ ਕਬੱਡੀ ਕੱਪ ਤਹਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ, ਅਟਾਰੀ ਵਿਖੇ 6 ਨਵੰਬਰ ਨੂੰ ਕਰਵਾਏ ਜਾ ਰਹੇ ਚਾਰ ਮੁਕਾਬਲਿਆਂ ਵਿਚ 8 ਮੁਲਕਾਂ ਦੇ ਕਬੱਡੀ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਨਗੇ।ਇਹ ਜਾਣਕਾਰੀ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਟੇਡੀਅਮ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮੌਕੇ ਦਿੱਤੀ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅਤੇ ਜ਼ਿਲ੍ਹੇ ਦੇ ਹੋਰ ਆਹਲਾ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।ਰਣੀਕੇ ਨੇ ਦੱਸਿਆ ਕਿ ਕਬੱਡੀ ਦੇ ਇਨ੍ਹਾਂ ਮੈਚਾਂ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਲਈ ਕਬੱਡੀ ਕੱਪ ਮੈਚਾਂ ਨੂੰ ਰੌਚਕ ਬਣਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਬੱਡੀ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਦੀ ਸੁਰੱਖਿਆ ਤੇ ਆਵਾਜਾਈ ਵਿਵਸਥਾ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ 6 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਣ ਵਾਲੇ ਕਬੱਡੀ ਮੈਚਾਂ ਦੌਰਾਨ ਪੁਰਸ਼ਾਂ ਦੇ 3 ਅਤੇ ਔਰਤਾਂ ਦਾ ਇਕ ਮੈਚ ਹੋਵੇਗਾ। ਉਨ੍ਹਾਂ ਦੱਸਿਆ ਕਿ ਪੁਰਸ਼ ਵਰਗ ਵਿਚ ਈਰਾਨ-ਆਸਟ੍ਰੇਲੀਆ, ਅਮਰੀਕਾ-ਕੀਨੀਆ, ਸ੍ਰੀਲੰਕਾ-ਮੈਕਸੀਕੋ ਵਿਚਾਲੇ ਮੈਚ ਹੋਣਗੇ ਜਦਕਿ ਔਰਤ ਵਰਗ ਵਿਚ ਅਮਰੀਕਾ ਤੇ ਸੀਆਰਾ ਲੀਓਨ ਵਿਚਾਲੇ ਮੈਚ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਸਮੂਹ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਹੈ ਕਿ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਧ-ਚੜ੍ਹ ਕੇ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਐ ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਐ ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ, ਡੀ. ਟੀ. ਓ ਕੰਵਲਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਹਰਪਾਲਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media