Monday, April 27, 2026

ਛੇਵੇਂ ਵਿਸ਼ਵ ਕਬੱਡੀ ਕੱਪ ਦਲਬੀਰ ਸਿੰਘ ਰਣੀਕੇ ਸਟੇਡੀਅਮ ਅਟਾਰੀ ਵਿਖੇ ਅੱਜ

ਅਟਾਰੀ, 5 ਨਵੰਬਰ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਛੇਵੇਂ ਵਿਸ਼ਵ ਕਬੱਡੀ ਕੱਪ ਤਹਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ, ਅਟਾਰੀ ਵਿਖੇ 6 ਨਵੰਬਰ ਨੂੰ ਕਰਵਾਏ ਜਾ ਰਹੇ ਚਾਰ ਮੁਕਾਬਲਿਆਂ ਵਿਚ 8 ਮੁਲਕਾਂ ਦੇ ਕਬੱਡੀ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਅੱਜ ਸਟੇਡੀਅਮ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ  ਸਨ। ਸੰਧੂ ਨੇ ਦੱਸਿਆ ਕਿ ਕਬੱਡੀ ਦੇ ਇਨ੍ਹਾਂ ਮੈਚਾਂ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ। ਸੰਧੂ ਨੇ ਕਿਹਾ ਕਿ ਦਰਸ਼ਕਾਂ ਲਈ ਕਬੱਡੀ ਕੱਪ ਮੈਚਾਂ ਨੂੰ ਰੌਚਕ ਬਣਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਬੱਡੀ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਦੀ ਸੁਰੱਖਿਆ ਤੇ ਆਵਾਜਾਈ ਵਿਵਸਥਾ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਸੰਧੂ ਨੇ ਦੱਸਿਆ ਕਿ 6 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਣ ਵਾਲੇ ਕਬੱਡੀ ਮੈਚਾਂ ਦੌਰਾਨ ਪੁਰਸ਼ਾਂ ਦੇ 3 ਅਤੇ ਔਰਤਾਂ ਦਾ ਇਕ ਮੈਚ ਹੋਵੇਗਾ। ਉਨ੍ਹਾਂ ਦੱਸਿਆ ਕਿ ਪੁਰਸ਼ ਵਰਗ ਵਿਚ ਈਰਾਨ-ਆਸਟ੍ਰੇਲੀਆ, ਅਮਰੀਕਾ-ਕੀਨੀਆ, ਸ੍ਰੀਲੰਕਾ-ਮੈਕਸੀਕੋ ਵਿਚਾਲੇ ਮੈਚ ਹੋਣਗੇ ਜਦਕਿ ਔਰਤ ਵਰਗ ਵਿਚ ਅਮਰੀਕਾ ਤੇ ਸੀਆਰਾ ਲੀਓਨ ਵਿਚਾਲੇ ਮੈਚ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਸਮੂਹ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਹੈ ਕਿ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਧ-ਚੜ੍ਹ ਕੇ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਇਸ ਮੌਕੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply