Monday, July 8, 2024

ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿੱਚ ਵਿਸ਼ਾਲ ਧਾਰਮਿਕ ਸਮਾਗਮ

PPN310509

ਬਠਿੰਡਾ,31 ਮਈ (ਜਸਵਿੰਦਰ ਸਿੰਘ ਜੱਸੀ) – ਸਥਾਨਕ  ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਕਿਲ੍ਹਾ ਮੁਬਾਰਕ ਬਠਿੰਡਾ ਵਿੱਚ ਇੱਕ ਵੱਡਾ ਧਾਰਮਿਕ ਸਮਾਗਮ ਜੂਨ-84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ। ਇਸ ਸਮਾਗਮ ‘ਚ ਹਜ਼ੂਰੀ ਰਾਗੀ ਜੱਥੇ  ਤੋਂ ਇਲਾਵਾ ਅਖੰਡ ਕੀਰਤਨੀ ਜੱਥੇ ਦੇ ਭਾਈ ਹਰਿੰਦਰ ਸਿੰਘ ਰੋਮੀ ਵੀਰ ਜੀ ਨੇ ਸ਼ਬਦ ਗੁਰਬਾਣੀ ਦਾ ਅਨੰਦਮਈ ਕੀਰਤਨ  ਕੀਤਾ। ਭਾਈ ਜਸਵਿੰਦਰ ਸਿੰਘ ਸ਼ਾਂਤ ਦੇ ਕਵੀਸ਼ਰੀ ਜੱਥੇ ਨੇ ਜੂਨ-84 ਦੇ ਘੱਲੂਘਾਰੇ ਬਾਰੇ ਜੋਸ਼ੀਲੀਆਂ ਵਾਰਾਂ ਗਾ ਕੇ ਸਿੱਖ ਸੰਗਤ ਨੂੰ ਵਰਤਮਾਨ ਇਤਿਹਾਸ ਤੋਂ ਜਾਣੂੰ ਕਰਵਾਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਉੱਪਰ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਦੱਸਿਆ ਕਿ ਸੰਤ ਜਰਨੈਲ ਸਿੰਘ ਖਾਲਸਾ ਬਚਪਨ ਤੋਂ ਹੀ ਸਿੱਖ ਰਹਿਤ ਮਰਿਯਾਦਾ ਦੇ ਪੱਕੇ ਧਾਰਨੀ ਸਨ ਅਤੇ ਗੁਰਬਾਣੀ ਨਾਲ ਜੁੜੇ ਹੋਏ ਸਨ। ਉਨ੍ਹਾਂ ਧਰਮ-ਯੁੱਧ ਮੋਰਚੇ ਦੇ ਸ਼ੁਰੂ ਹੋਣ ਅਤੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਬਾਰੇ ਕਿਹਾ ਕਿ ਇਹ ਹਮਲਾ ਸਰਕਾਰ ਨੇ ਸਿੱਖਾਂ ਨੂੰ ਸਬਕ ਸਿਖਾਉਣ ਲਈ ਯੋਜਨਾਬੰਦ ਢੰਗ ਨਾਲ ਕੀਤਾ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲੇ ਇਨਸਾਫ ਚਾਹੁੰਦੇ ਸਨ। ਉਨ੍ਹਾਂ ਦਰਬਾਰ ਸਾਹਿਬ ਦੇ ਘੱਲੂਘਾਰੇ ਲਈ ਕਾਂਗਰਸ, ਭਾਜਪਾ-ਅਕਾਲੀ ਸਰਕਾਰ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸਾਂਝੇ ਤੌਰ ‘ਤੇ ਜ਼ਿੰਮੇਵਾਰ ਦੱਸਿਆ। ਇਸ ਸਮਾਗਮ ‘ਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਹਜ਼ਾਰਾਂ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਧਰਮ-ਯੁੱਧ ਮੋਰਚੇ ਦੇ ਨਿਸ਼ਾਨੇ ਦੀ ਪ੍ਰਾਪਤੀ ਤੱਕ ਸਿੱਖ ਕੌਮ ਵੱਲੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ। ਸਮਾਗਮ ਵਿੱਚ ਯੂਨਾਈਟਿਡ ਸਿੱਖ ਮੂਵਮੈਂਟ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਨੇ ਚਾਰ ਮਤੇ ਪਾਸ ਕਰਵਾਏ। ਮੱਤਿਆਂ ਵਿੱਚ ਆਜ਼ਾਦੀ ਵੇਲੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰਨ, ਅਪ੍ਰੈਲ 1978 ਤੋਂ ਜਸਪਾਲ ਸਿੰਘ ਗੁਰਦਾਸਪੁਰ ਤੱਕ ਸ਼ਹੀਦ ਹੋਏ ਸਿੰਘਾਂ ਦੇ ਅੰਕੜੇ ਇਕੱਠੇ ਕਰਨ ਲਈ ਕਮਿਸ਼ਨ ਬਣਾਉਣ, ਸਮੂਹ ਪੀੜਤ ਪਰਿਵਾਰਾਂ ਅਤੇ ਧਰਮੀ ਫੌਜੀਆਂ ਦੇ ਮੁਆਵਜੇ ਦੀ ਮੰਗ ਅਤੇ ਜੇਲ੍ਹਾਂ ਵਿੱਚ ਬੰਦ ਸਮੂਹ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਦਲ ਸਰਕਾਰ ਹੈ  ਅਤੇ ਕੇਂਦਰ ਵਿੱਚ ਵੀ ਬਾਦਲ ਪਰਿਵਾਰ ਸਰਕਾਰ ਵਿੱਚ ਭਾਈਵਾਲ ਹੈ। ਇਸ ਲਈ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਧਰਮ-ਯੁੱਧ ਮੋਰਚੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣੀਆਂ ਚਾਹੀਦੀਆਂ ਹਨ। ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਗਮਦੂਰ ਸਿੰਘ ਖਾਲਸਾ, ਯਾਦਵਿੰਦਰ ਸਿੰਘ ਬਰਾੜ, ਬਾਬਾ ਸੁਖਦੇਵ ਸਿੰਘ ਜੋਗਾਨੰਦ, ਭਾਈ ਰਮਨਦੀਪ ਸਿੰਘ ਰਮੀਤਾ, ਬਲਜੀਤ ਸਿੰਘ ਗਿੱਲਪੱਤੀ ਅਤੇ ਵਰਿੰਦਰ ਸਿੰਘ ਬੱਲਾਂ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਬਾਬਾ ਮਨਮੋਹਨ ਸਿੰਘ ਗੁੰਮਟਸਰ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਤਾਰ ਸਿੰਘ ਰੋਡੇ ਤੋਂ ਇਲਾਵਾ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply