ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਮੈਬਰਾਂ ਨੇ ਸ਼ਮੂਲੀਅਤ ਕੀਤੀ
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਨਗਰ ਕੀਰਤਨ ਵਿੱਚ ਪ੍ਰੋ.ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ 96 ਸਾਲ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਮੇਤ ਸਮੁੱਚੀ ਅੰਤ੍ਰਿੰਗ ਕਮੇਟੀ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਹੈ ਜੋ ਅਤਿਅੰਤ ਖੁਸ਼ੀ ਦੀ ਗੱਲ ਹੈ।ਇਸ ਪਾਵਨ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸਾਹਿਬਾਨ ਤੇ ਮੈਨੇਜਰ ਸਾਹਿਬਾਨ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਉਸ ਦੀ ਸ਼ੋਭਾ ਵਧਾਈ।
ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ ਤੇ ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ।14 ਨਵੰਬਰ ਦਿਨ ਸੋਮਵਾਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 8:30 ਵਜੇ ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ।ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਸਕੂਲੀ ਬੱਚਿਆਂ ਦੇ ਜਥੇ ਕੀਰਤਨ ਕਰਨਗੇ।ਇਥੇ ਹੀ ਸਾਰਾ ਦਿਨ ਦੀਵਾਨ ਸਜਣਗੇ ਤੇ ਰਾਤ 7 ਤੋਂ 9 ਵਜੇ ਤੀਕ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਰਾਤ 9:00 ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਹਿੱਸਾ ਲੈਣਗੇ।
ਨਗਰ ਕੀਰਤਨ ਵਿੱਚ ਬਲਦੇਵ ਸਿੰਘ ਕਿਆਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਜੈਪਾਲ ਸਿੰਘ ਮੰਡੀਆਂ, ਨਿਰਮਲ ਸਿੰਘ ਹਰਿਆਓ, ਕੁਲਵੰਤ ਸਿੰਘ ਮੰਨਣ, ਸਤਪਾਲ ਸਿੰਘ ਤਲਵੰਡੀ ਭਾਈ, ਬਲਵਿੰਦਰ ਸਿੰਘ ਵੇਈਂਪੂਈ, ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਭਾਈ ਰਾਮ ਸਿੰਘ ਅੰਮ੍ਰਿਤਸਰ, ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ ਤੇ ਸੁਰਜੀਤ ਸਿੰਘ ਕਾਲਾਬੂਲਾ, ਬਾਵਾ ਸਿੰਘ ਗੁਮਾਨਪੁਰਾ ਤੇ ਹਰਜਾਪ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ, ਬਿਜੈ ਸਿੰਘ ਤੇ ਕੇਵਲ ਸਿੰਘ ਵਧੀਕ ਸਕੱਤਰ, ਰਣਬੀਰ ਸਿੰਘ ਪ੍ਰਧਾਨ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਪ੍ਰੋ. ਬਡੂੰਗਰ ਨੇ ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਮਹਾਨ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜਨਮ ਸਫ਼ਲਾ ਕਰਨ।
Punjab Post Daily Online Newspaper & Print Media
