Friday, November 22, 2024

ਪ੍ਰੋ: ਬਡੂੰਗਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

kirpal-badunger2

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀ ਮਾਨਵਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ ਹੈ।ਉਨ੍ਹਾਂ ਦਾ ਗਿਆਨ ਸਾਰੀ ਮਨੁੱਖਤਾ ਦੇ ਭਲੇ ਲਈ ਮਹੱਤਵਪੂਰਨ ਅਤੇ ਕੀਮਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਜਿੰਨੀ ਉੱਚੀ-ਸੁੱਚੀ ਤੇ ਵਿਸ਼ਾਲ ਹੈ ਮਨੁੱਖ ਅਜੇ ਵੀ ਇਸ ਪੱਧਰ ਤਕ ਨਹੀਂ ਪਹੁੰਚ ਸਕਿਆ ਹੈ। ਅੱਜ ਦਾ ਮਨੁੱਖ ਵੀ ਪਰਮਾਤਮਾ ਦੇ ਨਿਰਾਕਾਰ ਰੂਪ ਨੂੰ ਨਾ ਤਾਂ ਅਪਣਾ ਸਕਿਆ ਹੈ ਅਤੇ ਨਾ ਹੀ ਵੱਖ ਵੱਖ ਧਰਮਾਂ ਦੀ ਸੋਚ ਤੋਂ ਉਪਰ ਉੱਠ ਸਕਿਆ ਹੈ। ਇਸ ਤੋਂ ਇਲਾਵਾ ਹਿੰਸਾ, ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ, ਪ੍ਰਕਿਰਤੀ ਦਾ ਪ੍ਰਦੂਸ਼ਣ ਧਰਤੀ ਉੱਤੇ ਜੀਵਨ ਲਈ ਚਿੰਤਾਜਨਕ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਇਸ ਲਈ ਗੁਰੂ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਸੰਸਾਰ ਵਿਚ ਅਪਨਾਉਣ ਦੀ ਸਖਤ ਲੋੜ ਹੈ ਤਾਂ ਜੋ ਸਾਰੀ ਮਨੁੱਖਤਾ ਨੂੰ ਇਕੋ ਅਕਾਲ ਪੁਰਖ ਦੇ ਪੁਜਾਰੀ ਤੇ ਸਾਂਝੀਵਾਲਤਾ ਬਣਾ ਕੇ ਇਸ ਸ੍ਰਿਸ਼ਟੀ ਨੂੰ ਇਕ ਅਜਿਹੇ ਪਰਿਵਾਰ ਦਾ ਰੂਪ ਦਿੱਤਾ ਜਾ ਸਕੇ ਜਿਥੇ ਪਵਣ ਗੁਰੂ ਹੋਵੇ, ਪਾਣੀ ਪਿਤਾ ਤੇ ਧਰਤੀ ਮਾਤਾ ਦੀ ਗੋਦ ਵਿਚ ਮਨੁੱਖਤਾ ਸੁਖੀ ਵਸਦੀ ਰਹੇ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ (ਫਿਲਾਸਫੀ) ਮਨੁੱਖ ਦੀ ਸਮੁੱਚੀ ਸ਼ਖਸੀਅਤ ਨੂੰ ਪ੍ਰਫੁੱਲਿਤ ਕਰਨ ਵਾਲੀ, ਸਾਂਝੀਵਾਲਤਾ ਅਤੇ ਸਹਿਹੋਂਦ ਦਾ ਉਚਤਮ ਸਿਧਾਂਤ, ਅਮਨ-ਸ਼ਾਂਤੀ ਦਾ ਵਿਲੱਖਣ ਪੈਗ਼ਾਮ ਅਤੇ ਉੱਚ ਕੋਟੀ ਦਾ ਵਿਗਿਆਨ, ਇਕ ਮੁਕੰਮਲ ਆਤਮਿਕ ਸੁਖ ਦਾ ਗਿਆਨ, ਗ੍ਰਹਿਸਥੀ ਜੀਵਨ ਜਿਉਣ ਦਾ ਉਪਦੇਸ਼ ਅਤੇ ਸ਼ਬਦ ਗੁਰੂ ਦਾ ਨਿਆਰਾ ਅਤੇ ਅਜਬ ਸਿਧਾਂਤ ਹੈ ਜੋ ਕਿ ਰਹਿੰਦੀ ਦੁਨੀਆਂ ਤਕ ਹਮੇਸ਼ਾਂ-ਹਮੇਸ਼ਾਂ ਲਈ ਸਾਰਥਕ ਰਹੇਗਾ।ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸੰਗਤ ਪੰਗਤ ਅਤੇ ਸੇਵਾ ਸਿਮਰਨ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ ਜਿਹੜੇ ਅਜੋਕੇ ਯੁਗ ਵਿਚ ਵੀ ਸਦੀਵੀ ਸੇਧ ਦੇਣ ਵਾਲੇ ਹਨ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਆਉ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਮਝ ਕੇ ਗੁਰਮਤਿ ਮਾਰਗ ਦੇ ਪਾਂਧੀ ਬਣ ਆਪਣਾ ਲੋਕ-ਪਰਲੋਕ ਸੁਹੇਲਾ ਕਰੀਏ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply