ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆ ਦੇ ਪਹਿਲੇ ਘੱਟ ਗਿਣਤੀ ਸਿੱਖ ਜੱਜ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਨੇ ਅੰਗਰੇਜ਼ੀ ਬੈਂਚ ਵਿੱਚ ਘੋੜੇ ਦੇ ਵਾਲਾਂ ਵਾਲੀ ਵਿਗ ਦੀ ਥਾਂ ਪੱਗੜੀ ਬੰਨ੍ਹਣ ਨੂੰ ਪ੍ਰਮੁੱਖਤਾ ਦੇ ਕੇ ਸਿੱਖੀ ਸਰੂਪ ਨੂੰ ਕਾਇਮ ਰੱਖਣ ਲਈ ਜੋ ਉਪਰਾਲੇ ਕੀਤੇ ਉਹ ਸਦਾ ਯਾਦ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਚੋਟੀ ਦੇ ਸਿਵਲ ਪੁਰਸਕਾਰ ‘ਨਾਈਟ ਹੁੱਡ’ ਨਾਲ ਵੀ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਦੇ ਬਰਤਾਨੀਆ ਦੇ ਪਹਿਲੇ ਸਿੱਖ ਜੱਜ ਹੋਣ ਨਾਲ ਪੂਰੇ ਵਿਸ਼ਵ ਦੇ ਸਿੱਖ ਪੰਥ ਲਈ ਬੜੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਤੇ ਸਮੁੱਚੇ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਨਿਆਂ ਪ੍ਰਣਾਲੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਸ. ਮੋਤਾ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media