Monday, February 23, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਨਮਾਨਿਤ

ppn2611201622ਅਨੰਦਪੁਰ ਸ਼ਾਹਿਬ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਿਕ ਹੋਣ ਤੇ ਨਿੱਘਾ ਸਵਾਗਤ ਕੀਤਾ।ਸ੍ਰੀ ਮੋਦੀ ਨਾਲ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਵੀ ਨਤਮਸਤਿਕ ਹੋਏ।ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ ਅਰਦਾਸ ਕੀਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਲਈ।ਉਨ੍ਹਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੋਈ, ਸਿਰੋਪਾਓ, ਸ੍ਰੀ ਸਾਹਿਬ ਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕੀਤਾ। ਇਸ ਉਪਰੰਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਈਆਂ।ਸਮਾਗਮ ਵਿੱਚ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਸਰੂਪ ਵਿੱਚ ਪਰਪੱਕ ਰਹਿਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਸਨ ਜਿਨ੍ਹਾਂ ਆਪਣਾ ਪਿਤਾ, ਆਪਣੀ ਮਾਤਾ ਤੇ ਫੇਰ ਆਪਣੇ ਲ਼ਖ਼ਤੇ ਜ਼ਿਗਰ ਚਾਰੋਂ ਲਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਭਰੀ ਕੁਰਬਾਨੀ ਦੇ ਕੇ ਸੰਤ ਤੇ ਸਿਪਾਹੀ ਦੀ ਵਿਲੱਖਣ ਉਦਾਹਰਣ ਕਾਇਮ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਂ ਜਾਤਾਂ ਦੇ ਪੰਜ ਸਿਰਲੱਥ ਯੋਧੇ ਲੈ ਕੇ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤ ਛਕਾਇਆ ਤੇ ਫੇਰ ਆਪ ਉਨ੍ਹਾਂ ਤੋਂ ਅੰਮ੍ਰਿਤਪਾਨ ਕਰਕੇ ਆਪੇ ਗੁਰ ਚੇਲਾ ਦਾ ਉਪਦੇਸ਼ ਦਿੱਤਾ ਤੇ ਜਾਤ-ਪਾਤ ਦੇ ਭਰਮ-ਭੁਲੇਖਿਆਂ ਨੂੰ ਦੂਰ ਕੀਤਾ।ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਤੇ ਉਨ੍ਹਾਂ ਦੇ ਪ੍ਰੀਵਾਰ ਅਤੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈ ਕੇ ਆਪਣੇ ਧਰਮ ਵਿੱਚ ਪ੍ਰਪੱਕ ਰਹਿੰਦੇ ਹੋਏ ਅੰਮ੍ਰਿਤਪਾਨ ਕਰਕੇ ਦਸਮ ਪਿਤਾ ਦੇ ਉਪਦੇਸ਼ਾਂ ‘ਤੇ ਚੱਲਣਾ ਚਾਹੀਦਾ ਹੈ। ਇਸ ਸਮਾਗਮ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਇਲਾਵਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਵੀ ਸੰਬੋਧਨ ਕੀਤਾ।ਸਟੇਜ ਦਾ ਸੰਚਾਲਨ ਸਿੱਖਿਆ ਮੰਤਰੀ ਪੰਜਾਬ ਡਾ: ਦਲਜੀਤ ਸਿੰਘ ਚੀਮਾ ਨੇ ਕੀਤਾ।  ਇਸ ਮੌਕੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਹਰਚਰਨ ਸਿੰਘ ਮੁੱਖ ਸਕੱਤਰ, ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਹਾਇਕ, ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply