
ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਦੀ ਛੇ ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਆਪਣੇ ਅੰਤਿਮ ਪੜਾਅ ਰਾਮ ਤੀਰਥ ਵਿਖੇ ਪੁੱਜ ਗਈ, ਜਿਥੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ, ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸੰਗਤਾਂ ਵੱਲੋਂ ਇਸ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।ਰਾਮ ਤੀਰਥ ਪਹੁੰਚਦੇ ਹੀ ਇਸ ਯਾਤਰਾ ਦੇ ਸਵਾਗਤ ਲਈ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ।ਬੈਂਡ ਦੀਆਂ ਮਨਮੋਹਕ ਧੁਨਾਂ ਅਤੇ ਫੁੱਲਾਂ ਦੀ ਵਰਖਾ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੰਭੂ ਤੋਂ ਤੋਰੀ ਗਈ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਪੰਜਾਬ ਦੇ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਅੱਜ ਰਾਮ ਤੀਰਥ ਵਿਖੇ ਸਮਾਪਤ ਹੋਈ ਅਤੇ ਇਥੇ ਹੀ 1 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਵਿਚ ਇਹ ਮੂਰਤੀ ਭਗਵਾਨ ਵਾਲਮੀਕਿ ਤੀਰਥ ਸਥਲ ਵਿਚ ਸੁਸ਼ੋਭਿਤ ਕੀਤੀ ਜਾਵੇਗੀ।
ਸ. ਗੁਲਜ਼ਾਰ ਸਿੰਘ ਰਣੀਕੇ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਸਥਾਪਿਤ ਕੀਤੀ ਗਈ ਹੈ ਜਿਸ ਨਾਲ ਭਗਵਾਨ ਵਾਲਮੀਕਿ ਜੀ ਦੀ ਏਕਤਾ ਅਤੇ ਸਾਂਝੀਵਾਲਤਾ ਵਾਲੀ ਸੋਚ ਦਾ ਪੂਰੀ ਦੁਨੀਆ ਵਿਚ ਹੋਰ ਪਾਸਾਰ ਹੋਵੇਗਾ।ਉਨ੍ਹਾਂ ਇਸ ਸਬੰਧੀ 1 ਦਸੰਬਰ ਨੂੰ ਰਾਜ ਸਰਕਾਰ ਵੱਲੋਂ ਰਾਮ ਤੀਰਥ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਰੋਹ ਮੌਕੇ ਹਰੇਕ ਵਰਗ ਨੂੰ ਹੁੰਮ-ਹੁੰਮਾ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਗੱਬਰ ਚੇਅਰਮੈਨ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media