Sunday, March 22, 2026

ਸਰਕਾਰ ਉੱਚ ਯੋਗਤਾ ਪ੍ਰਾਪਤ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਕਰ ਰਹੀ ਹੈ ਬੇਇਨਸਾਫੀ – ਚਾਉਕੇ

ਬਠਿੰਡਾ, 1 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡੀ.ਪੀ.ਐਡ/ਐਮ.ਪੀ.ਐਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਚਾਉਕੇ ਨੇ ਪ੍ਰੈਸ ਨੋਟ ਜਾਰੀ ਕਰਦਿਆਂ  ਕਿਹਾਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਵਿਸ਼ਵ ਕਬੱਡੀ ਕੱਪ ਕਰਵਾਏ ਜਾ ਰਹੇ ਹਨ ਅਤੇ ਧੜਾ-ਧੜ ਖੇਡ ਕਿੱਟਾਂ ਵੰਡ ਕੇ ਪੰਜਾਬ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵੱਡੇ-ਵੱਡੇ ਦਮਗ੍ਰੇ ਮਾਰੇ ਜਾ ਰਹੇ ਹਨ। ਜਦਕਿ ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਸਭ ਤੋਂ ਵੱਡੇ ਸਿਤਮ ਦੀ ਗੱਲ ਤਾਂ ਇਹ ਹੈ ਕਿ ਪਿਛਲੇ 8 ਸਾਲਾਂ ਤੋਂ ਸਕੂਲਾਂ ਵਿੱਚ ਕੰਮ ਕਰ ਰਹੇ 106 ਪੀ.ਟੀ.ਆਈ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੀਤੀਆਂ ਕਾਰਨ ਸਾਲ 2001 ਤੋਂ ਲੈ ਕੇ ਸਾਲ 2016 ਤੱਕ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਕੱਢੀਆਂ ਗਈਆਂ ਅਸਾਮੀਆਂ ਲਈ ਕੋਈ ਵੀ ਭਰਤੀ ਸਿਰੇ ਨਹੀਂ ਚੜ੍ਹ ਸਕੀ ਹੈ, ਸਾਲ 2015 ਵਿੱਚ ਕੱਢੀਆਂ ਗਈ ਡੀ.ਪੀ.ਈ ਦੀਆਂ 645 ਤੇ 800 ਅਤੇ ਸਰੀਰਕ ਸਿੱਖਿਆ ਲੈਕਚਰਾਰ ਦੀਆਂ 25 ਤੇ 30 ਅਸਾਮੀਆਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਅਤੇ ਸਾਲ 2008 ਵਿੱਚ ਭਰਤੀ ਕੀਤੇ ਗਏ 244 ਪੀ.ਟੀ.ਆਈ. ਅਧਿਆਪਕਾਂ ਵਿੱਚੋਂ 106  ਅਧਿਆਪਕਾਂ ਨੂੰ ਨੌਕਰੀ ਤੋਂ ਫਾਰਗ ਕਰਨ ਲਈ ਪੱਤਰ ਜਾਰੀ ਕੀਤਾ ਹੋਇਆ ਹੈ। ਇਹਨਾਂ ਰੱਦ ਕੀਤੀਆਂ ਗਈਆਂ ਅਸਾਮੀਆਂ ਵਿੱਚ ਅਪਲਾਈ ਕਰਨ ਵਾਲੇ ਉਮੀਦਵਾਰਾਂ ਵਿੱਚੋਂ ਬਹੁਤੇ ਭਰਤੀ ਲਈ ਨਿਰਧਾਰਿਤ ਉਮਰ ਸੀਮਾ ਲੰਘਾ ਚੁੱਕੇ ਹਨ ਅਤੇ ਹੁਣ ਇਹਨਾਂ ਉਮੀਦਵਾਰਾਂ ਦਾ ਭਵਿੱਖ ਹਨੇਰੇ ਵਿੱਚ ਡੁੱਬ ਗਿਆ ਹੈ। ਉਨ੍ਹਾਂ ਦੱਸਿਆ ਕਿ 849 ਪੀ.ਟੀ.ਆਾਈ. ਅਧਿਆਪਕਾਂ ਦੀ ਮਾਣਯੋਗ ਅਦਾਲਤ ਦੇ ਹੁਕਮਾਂ ‘ਤੇ ਦੁਬਾਰਾ ਮੈਰਿਟ ਸੂਚੀ ਤਿਆਰ ਕੀਤੀ ਗਈ ਸੀ ਪਰ ਇਸ ਸੂਚੀ ਵਿੱਚ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਰਕਾਰ ਨੇ ਆਪਣੇ ਚਹੇਤਿਆਂ ਦੀ ਵੱਧ ਮੈਰਿਟ ਦਰਸਾ ਕੇ ਯੋਗ ਉਮੀਦਵਾਰਾਂ ਨੂੰ ਮੈਰਿਟ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ। ਇਸ ਦੁਬਾਰਾ ਬਣਾਈ ਗਈ ਮੈਰਿਟ ਰਾਹੀਂ 72 ਦੇ ਕਰੀਬ ਅਜਿਹੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ ਜਿਹੜੇ ਇਸ ਭਰਤੀ ਲਈ ਮੁੱਢਲੀ ਯੋਗਤਾ ਵੀ ਪੂਰੀ ਨਹੀਂ ਕਰਦੇ। ਜਦਕਿ ਦੂਜੇ ਪਾਸੇ 646 ਪੀ.ਟੀ.ਆਈ. ਅਧਿਆਪਕਾਂ ਦੀ ਮੈਰਿਟ ਰਾਹੀਂ ਭਰਤੀ ਕਰਵਾਉਣ ਲਈ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ ਲੰਬੇ ਸਮੇਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਮਾਣਯੋਗ ਅਦਾਲਤ ਵਿੱਚ ਚੱਲ ਰਹੇ 849 ਪੀ.ਟੀ.ਆਈ. ਅਧਿਆਪਕਾਂ ਵਾਲੇ ਐਲ.ਪੀ.ਏ. ਕੇਸ ਵਿੱਚ ਵੀ ਸਰਕਾਰ ਨੇ ਬੇਰੁਜ਼ਗਾਰ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਦੇ ਵਿਰੋਧ ਵਿੱਚ ਆਪਣਾ ਜਵਾਬ ਦਾਖਲ ਕਰਕੇ ਉੱਚ ਯੋਗਤਾ ਪ੍ਰਾਪਤ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਬੇਇਨਸਾਫੀ ਕੀਤੀ ਹੈ। ਮਨਜੀਤ ਸਿੰਘ ਚਾਉਕੇ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡ ਢਾਂਚਾਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦਾ ਖਰਚਾ ਕਰਨ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰ ਰਹੀ ਹੈ ਪਰ ਸਕੂਲਾਂ ਵਿੱਚ ਬੱਚੇ ਸਰੀਰਕ ਸਿੱਖਿਆ ਅਧਿਆਪਕਾਂ ਦੇ ਦਰਸ਼ਨਾਂ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉੱਚ ਯੋਗਤਾ ਪ੍ਰਾਪਤ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਭਰਤੀ ਨਾ ਕੀਤਾ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਉੱਚ ਯੋਗਤਾ ਪ੍ਰਾਪਤ ਡੀ.ਪੀ.ਐਡ./ਐਮ.ਪੀ.ਐਡ. ਅਧਿਆਪਕ ਯੂਨੀਅਨ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply