Sunday, March 22, 2026

ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਮੰਦਰ-ਕਮ-ਪਨੋਰਮਾ ਕੰਪਲੈਕਸ ਮਨੁੱਖਤਾ ਨੂੰ ਸਮਰਪਿਤ

ਬਾਦਲ ਵੱਲੋਂ ਦਰਿਆਈ ਪਾਣੀਆਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਦਾ ਪ੍ਰਣ

ppn0112201615ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਕਿਸੇ ਵੀ ਕੀਮਤ ‘ਤੇ ਨਾ ਬਣਨ ਦੇਣ ਲਈ ਦ੍ਰਿੜਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਣ ਕੀਤਾ ਕਿ ਦਰਿਆਈ ਪਾਣੀਆਂ ਦੀ ਰਾਖੀ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।
ਅੱਜ ਇੱਥੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਮੰਦਰ-ਕਮ-ਪਨੋਰਮਾ ਕੰਪਲੈਕਸ ਮਨੁੱਖਤਾ ਨੂੰ ਸਮਰਪਿਤ ਕਰਨ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਸਪਸ਼ਟ ਸ਼ਬਦਾਂ ਵਿਚ ਆਖਿਆ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਹੀ ਜੀਵਨ ਦੀ ਮੁਢਲੀ ਲੋੜ ਹੈ ਅਤੇ ਪਾਣੀਆਂ ਦੀ ਵੰਡ ਸਬੰਧੀ ਅਜਿਹੀ ਕੋਈ ਵੀ ਕਾਰਵਾਈ ਪੰਜਾਬ ਨੂੰ ਤਬਾਹ ਕਰ ਦੇਵੇਗੀ।ਬਾਦਲ ਨੇ ਕਿਹਾ ਕਿ ਇਕੱਲੇ ਮੇਰੀ ਹੀ ਨਹੀਂ ਹਰੇਕ ਪੰਜਾਬੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸਦਾ ਡੱਟਵਾਂ ਵਿਰੋਧ ਕਰੇ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇਸ ਪਵਿੱਤਰ ਸਥਾਨ ‘ਤੇ ਸਹੁੰ ਚੁੱਕਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਇਸ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਡੀ-ਨੋਟੀਫਾਈ ਕਰਕੇ ਜ਼ਮੀਨ ਦੇ ਅਸਲ ਮਾਲਕਾਂ ਜਾਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਹਰੇਕ ਪੰਜਾਬੀ ਦਾ ਇਹ ਫਰਜ਼ ਬਣਦਾ ਹੈ ਕਿ ਦਰਿਆਈ ਪਾਣੀਆਂ ਦੀ ਰਾਖੀ ਲਈ ਪਹਿਰਾ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਉਸਾਰਿਆ ਗਿਆ ਮੰਦਿਰ-ਕਮ-ਪਨੋਰਮਾ ਕੰਪਲੈਕਸ ਭਗਵਾਨ ਵਾਲਮੀਕਿ ਜੀ ਨੂੰ ਸੂਬਾ ਸਰਕਾਰ ਵੱਲੋਂ ਇੱਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।ਉਹਨਾਂ ਕਿਹਾ ਕਿ ਅੰਮ੍ਰਿਤਸਰ ਨੇੜੇ ਇਸ ਪਵਿੱਤਰ ਸਥਾਨ ‘ਤੇ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਸਾਰਿਆਂ ਨੂੰ ਏਕਤਾ ਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ।ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 200 ਕਰੋੜ ਰੁਪਏ ਖਰਚ ਕਰਕੇ ਉਸਾਰੀ ਗਈ ਇਹ ਯਾਦਗਾਰ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਹਨਾਂ ਦੀ ਸੋਚ ਨੂੰ ਦੁਨੀਆਂ ਭਰ ਵਿੱਚ ਜੀਵਤ ਰੱਖੇਗੀ ਅਤੇ ਇਸ ਦੇ ਨਾਲ-ਨਾਲ ਇਸ ਮਹਾਨ ਗੁਰੂ ਦੀ ਅਮੀਰ ਵਿਰਾਸਤ ਨੂੰ ਜਿਊਂਦਾ ਰੱਖਣ ਵਿੱਚ ਸਹਾਈ ਹੋਵੇਗੀ।
ਸਮਾਜ ਨੂੰ ਜੋੜਨ ਵਿੱਚ ਭਗਵਾਨ ਵਾਲਮੀਕਿ ਜੀ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਅਤੇ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਮਹਾਨ ਰਚਨਾ ਰਮਾਇਣ ਨਾਲ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ।
ਇਸ ਮੌਕੇ ਬੋਲਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਦਿਹਾੜਾ ਬਹੁਤ ਖਾਸ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਫਹਿਰਿਸਤ ਵਿਚ ਇਕ ਹੋਰ ਪ੍ਰਾਪਤੀ ਸ਼ਾਮਲ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ 200 ਕਰੋੜ ਰੁਪਏ ਦੀ ਲਾਗਤ ਆਈ ਹੈ ਜਿੱਥੇ ਕਿ ਵੱਖ-ਵੱਖ ਸਮਾਜਿਕ ਵਰਗਾਂ ਦੀਆਂ ਰੂਹਾਨੀ ਲੋੜਾਂ ਪੂਰੀਆਂ ਹੋਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਭ ਪ੍ਰਾਪਤੀਆਂ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਅਧੀਨ ਪੰਜਾਬ ਵਾਸੀਆਂ ਨੇ ਵੱਖ-ਵੱਖ ਥਾਂਵਾਂ ‘ਤੇ ਸਥਿਤ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕੀਤੇ ਹਨ।ਬਾਦਲ ਨੇ ਕਿਹਾ ਕਿ ਸੂਬੇ ਵਿਚ ਜਿਨ੍ਹਾਂ ਪਰਿਵਾਰਾਂ ਨੂੰ ਹਾਲੇ ਤੱਕ ਗੈਸ ਕੁਨੈਕਸ਼ਨ ਨਹੀਂ ਮਿਲੇ ਉਹ ਆਪਣੇ ਫਾਰਮ ਭਰ ਕੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਾਂ ਐਸਡੀਐਮ ਕੋਲ ਜਮ੍ਹਾਂ ਕਰਵਾ ਸਕਦੇ ਹਨ ਅਤੇ ਅਜਿਹੇ 7 ਲੱਖ ਲੋਕਾਂ ਨੂੰ ਅਗਲੇ 10 ਦਿਨਾਂ ਵਿਚ ਗੈਸ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਐਸ.ਸੀ. ਸਕਾਲਰਸ਼ਿਪ ਅਧੀਨ 400 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।ੇ ਇਕ ਅਹਿਮ ਐਲਾਨ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ 5 ਸਾਲਾਂ ਵਿਚ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਆਪਣੇ ਭਾਸ਼ਣ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਮੰਤਰੀ  ਵਿਜੈ ਸਾਂਪਲਾ ਨੇ ਕਿਹਾ ਕਿ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗ ਭਗਵਾਨ ਵਾਲਮੀਕਿ ਜੀ ਅਤੇ  ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਰਾਸਤ ਨੂੰ ਸੰਭਾਲਣ ਵਾਸਤੇ ਚੁੱਕੇ ਗਏ ਕਦਮਾਂ ਵਾਸਤੇ ਮੁੱਖ ਮੰਤਰੀ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਕਰਕੇ ਲੱਖਾਂ ਲੋਕਾਂ ਖਾਸਕਰ ਦਲਿਤ ਭਾਈਚਾਰੇ ਦਾ ਦਿਲ ਜਿੱਤਿਆ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਸਖ਼ਸ਼ੀਅਤਾਂ ਵਿੱਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੋਹਣ ਸਿੰਘ ਠੰਡਲ,  ਸਰਜੀਤ ਸਿੰਘ ਰੱਖੜਾ, ਜਥੇਦਾਰ ਅਜੀਤ ਸਿੰਘ ਕੋਹਾੜ, ਡਾ: ਦਲਜੀਤ ਸਿੰਘ ਚੀਮਾ,  ਅਨਿਲ ਜੋਸ਼ੀ, ਪੰਜਾਬ ਵਿਧਾਨ ਸਭਾ  ਦੇ ਸਪੀਕਰ ਡਾ: ਚਰਨਜੀਤ ਸਿੰਘ ਅਟਵਾਲ, ਵਿਧਾਇਕ ਬੀਬੀ ਜਗੀਰ ਕੌਰ,  ਕੇ.ਡੀ. ਭੰਡਾਰੀ,  ਦੇਸ ਰਾਜ ਧੁੱਗਾ, ਪ੍ਰੋ: ਵਿਰਸਾ ਸਿੰਘ ਵਲਟੋਹਾ,  ਜੋਗਿੰਦਰ ਸਿੰਘ ਜਿੰਦੂ, ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰ ਨਿਰਮਲ ਸਿੰਘ ਕਾਹਲੋਂ, ਪੰਜਾਬ ਰਾਜ ਐਸ:ਸੀ ਕਮਿਸ਼ਨ ਦੇ ਚੇਅਰਮੈਨ  ਰਾਜੇਸ਼ ਬਾਘਾ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ  ਵਿਜੈ ਦਾਨਵ,  ਸਫਾਈ ਕਰਮਚਾਰੀ ਭਲਾਈ ਬੋਰਡ ਦੇ ਚੇਅਰਮੈਨ  ਰਾਜ ਕੁਮਾਰ ਅਤਿਕਾਏ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ  ਕੀਮਤੀ ਲਾਲ ਭਗਤ, ਭਾਰਤੀ ਜਨਤਾ ਪਾਰਟੀ ਦੇ ਐਸ:ਸੀ ਮੋਰਚੇ ਦੇ ਪ੍ਰਧਾਨ  ਦੁਸ਼ਾਂਤ ਗੌਤਮ, ਅਕਾਲੀ ਆਗੂ ਪਰਮਜੀਤ ਸਿੰਘ ਪੰਮਾ,  ਲਛਮਣ ਦਰਾਵੜ,  ਓਮ ਪ੍ਰਕਾਸ਼ ਗੱਬਰ ਅਤੇ ਸੁਭਾਸ਼ ਸੋਂਧੀ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ  ਅਮਰਜੀਤ ਸਿੰਘ ਚਾਵਲਾ, ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਆਦਿ ਧਰਮ ਸਮਾਜ ਦੇ ਮੁਖੀ  ਦਰਸ਼ਨ ਰਤਨ ਰਾਵਨ ਵੀ ਸ਼ਾਮਲ ਸਨ।ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ  ਕੇ.ਜੇ.ਐਸ. ਚੀਮਾ ਵੀ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply