ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸੱਚ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ, ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕਰਕੇ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨ ਕਰਨ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸਰਾਂ ਸ੍ਰੀ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ ਵਾਲਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸ ਮੌਕੇ ਭਾਈ ਰਾਮ ਸਿੰਘ ਤੇ ਬਲਵਿੰਦਰ ਸਿੰਘ ਵੇਂਈਪੂਈ ਅੰਤ੍ਰਿੰਗ ਕਮੇਟੀ ਮੈਂਬਰ, ਸੁਖਦੇਵ ਸਿੰਘ ਭੂਰਾਕੋਹਨਾ (ਨਿੱਜੀ ਸਕੱਤਰ), ਹਰਭਜਨ ਸਿੰਘ ਮਨਾਵਾਂ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਸਵਿੰਦਰ ਸਿੰਘ ਦੀਨਪੁਰ ਤੇ ਸ.ਹਰਜਿੰਦਰ ਸਿੰਘ ਮੀਤ ਸਕੱਤਰ, ਇਕਬਾਲ ਸਿੰਘ, ਸੁਖਬੀਰ ਸਿੰਘ, ਲਖਵਿੰਦਰ ਸਿੰਘ ਬਦੋਵਾਲ ਤੇ ਬਘੇਲ ਸਿੰਘ ਵਧੀਕ ਮੈਨੇਜਰ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਮਨਿੰਦਰ ਮੋਹਣ ਸਿੰਘ ਤੇ ਬਲਕਾਰ ਸਿੰਘ ਜੌੜਾ ਇੰਚਾਰਜ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ੪ ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਸਵੇਰੇ ੮ ਤੋਂ ੯ ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ।੯ ਤੋਂ ੨ ਵਜੇ ਤੀਕ ਸਕੂਲਾਂ ਦੇ ਬੱਚੇ ਤੇ ਬੀਬੀਆਂ ਦੇ ਜਥੇ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਹਰਜਿੰਦਰ ਸਿੰਘ ਬੱਗਾ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲਸਾ ਤੇ ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਅਕਾਲ ਪੁਰਖ ਦੇ ਉਪਦੇਸ਼ ਨਾਲ ਜੋੜਿਆ ਜਾਵੇਗਾ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media