Saturday, April 11, 2026

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ – ਰਵੀ ਭਗਤ

PPN030616
ਅੰਮ੍ਰਿਤਸਰ, 3 ਜੂਨ (ਜਸਬੀਰ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਦੀ ਪ੍ਰ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਗ੍ਰਿਫਤ ਵਿਚ ਆਏ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਨਿਜਾਤ ਦਿਵਾਉਣ ਅਤੇ ਅਜਿਹੇ ਨੌਜਵਾਨਾਂ ਦੇ ਮੁੜ ਵਸੇਬੇ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸ੍ਰੀ ਐਮ.ਐਫ ਫਾਰੂਕੀ ਡੀ.ਆਈ.ਜੀ ਬੀ.ਐਸ.ਐਫ ਖਾਸਾ, ਸ੍ਰੀ ਜਸਬੀਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਸ੍ਰੀ ਕੇਸ਼ਵ ਹਿੰਗੋਨੀਆ ਆਈ.ਏ.ਐਸ ਵੀ ਮੌਜੂਦ ਸਨ। ਸ੍ਰੀ ਰਵੀ ਭਗਤ ਨੇ ਕਿਹਾ ਕਿ ਨਸ਼ੇ ਲਗਾਤਰ ਸਮਾਜ ਵਿੱਚ ਆਪਣੇ ਪੈਰ ਪਸਾਰ ਰਹੇ ਹਨ, ਜੋ ਸਾਡੇ ਸਾਰਿਆਂ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਬਿਮਾਰੀ ਨੂੰ ਸਮਾਜ ਵਿਚੋਂ ਖ਼ਤਮ ਕੀਤਾ ਜਾ ਸਕਦਾ ਹੈ। ਨਸ਼ਾ ਕਰਨ ਵਾਲਾ ਵਿਅਕਤੀ ਸਰੀਰਕ, ਮਾਨਸਿਕ ਅਤੇ ਦਿਮਾਗੀ ਤੌਰ ‘ਤੇ ਬਿਮਾਰ ਹੋ ਜਾਂਦਾ ਹੈ ਅਤੇ ਲਗਾਤਾਰ ਨਸ਼ਿਆ ਦੇ ਜਾਲ ਵਿੱਚ ਫਸਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਖੁਦ ਪ੍ਰੇਰਨਾ ਸ੍ਰੋਤ ਬਣਨਾ ਪਵੇਗਾ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ। ਉਨ੍ਹਾ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿਲੋਂ ਅਤੇ ਤਗੜੇ ਮਨ ਨਾਲ ਇਸ ਬਿਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਬਣਦਾ ਰੋਲ ਨਿਭਾਉਣ। ਉਨ੍ਹਾਂ ਸਮੂਹ ਐਨ.ਜੀ.ਓਜ਼ ਅਤੇ ਨਹਿਰੂ ਯਵਾ ਕੇਂਦਰ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰ੍ਰਸ਼ਾਸਨ ਅਜਿਹੇ ਨੌਜਵਾਨ ਜੋ ਕਿਸੇ ਕਾਰਨ ਨਸ਼ਾ ਕਰਨ ਦੇ ਆਦੀ ਹੋ ਗਏ ਹਨ ਨੂੰ ਨਾ ਕੇਵਲ ਨਸ਼ਾ ਛੁਡਵਾਉਣਗੇ ਸਗੋ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਭਾਗ ਵਲੋਂ ਅਜਿਹੇ ਨੌਜਵਾਨਾਂ ਨੂੰ ਸਿਖਲਾਈ ਆਦਿ ਦਿਵਾ ਕੇ ਅਤੇ ਬੈਕਾਂ ਰਾਹੀਂ ਆਸਾਨ ਕਰਜ਼ਾ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਖ-ਵੱਖਵੱਧ ਪਿੰਡਾਂ ਅੰਦਰ ਅਜਿਹੇ ਨੌਜਵਾਨਾਂ ਦੀ ਸ਼ਨਾਖਤ ਕਰਕੇ ਉਨਾਂ ਦੇ ਮੁੜ ਵਸੇਬੇ ਕਰਨ ਵਿਚ ਕੋਈ ਕਸਰ ਨਹੀ ਰਹਿਣ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜੇ.ਸੀ ਸੌਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਬਾਜ਼ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਸ੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਸ੍ਰੀ ਤਰਸੇਮ ਸਿੰਘ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ, ਮਾਸਟਰ ਅਜੀਤ ਸਿੰਘ ਅਤੇ ਰੈੱਡ ਕਰਾਸ ਦੇ ਅਧਿਕਾਰੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply