
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਅੱਜ ਇੱਥੇ ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿੰਨ੍ਹਾਂ ਖੇਤਰਾਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਆਬਾਦੀ ਦੇ ਅਨੁਪਾਤ ਵਿਚ ਘੱਟ ਹੈ ਉੱਥੇ ‘ਸ਼ਖੀ ਮੰਡਲ’ ਲਗਾਏ ਜਾਣਗੇ ਤਾਂ ਜੋ ਔਰਤਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾਂ ਫਾਜ਼ਿਲਕਾ ਵਿਚ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਵੋਟਾ ਪਾਉਣ ਸਮੇਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸਵੀਪ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਉਨ੍ਹਾਂ ਸਾਰੇ ਹੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਵੀਪ ਪ੍ਰਾਜੈਕਟ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 22 ਦਸੰਬਰ 2016 ਨੂੰ ਜ਼ਿਲ੍ਹੇ ਭਰ ਵਿਚ ਸਾਰੇ ਸਰਕਾਰੀ ਦਫ਼ਤਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ਤੇ ਵੋਟਰ ਪ੍ਰਣ ਕਰਨ ਲਈ ਸਮਾਗਮ ਕੀਤੇ ਜਾਣਗੇ। ਇਸ ਦਿਨ ਜ਼ਿਲ੍ਹੇ ਵਿਚ 1 ਲੱਖ ਲੋਕਾਂ ਵੱਲੋਂ ਇਹ ਵੋਟਰ ਪ੍ਰਣ ਲਏ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤੋਂ ਬਿਨਾਂ ਸਕੂਲਾਂ ਕਾਲਜਾਂ ਵਿੱਚ ਵੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਹੋਣਗੇ ਤਾਂ ਜੋ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਨੌਜਵਾਨਾਂ, ਬਜ਼ੁਰਗਾਂ ਔਰਤਾਂ ਅਤੇ ਦਿਵਿਆਂਗ ਲੋਕਾਂ ਨੂੰ ਵੱਧ ਤੋਂ ਵੱਧ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ।ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜ਼ਿਲ੍ਹੇ ਵਿਚ ਬਣਾਈ ਮੀਡੀਆ ਸਰਟੀਫਿਕੇਸ਼ਨ ਅਤੇ ਮੌਨੀਟਰਿੰਗ ਕਮੇਟੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਣਾਂ ਦੌਰਾਨ ਮੀਡੀਆ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁੱਲ ਦੀਆਂ ਖ਼ਬਰਾਂ ਅਤੇ ਇਸ਼ਤਿਹਾਰਬਾਜ਼ੀ ਦੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰਹੇਗੀ। ਉਨ੍ਹਾਂ ਨੇ ਮੀਡੀਆਂ ਕਰਮੀਆਂ ਨੂੰ ਸਵੀਪ ਗਤੀਵਿਧੀਆਂ ਦੀ ਵਿਆਪਕ ਕਵਰੇਜ਼ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸਡੀਐਮ ਵਿਨੋਦ ਬਾਂਸਲ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਹਿਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਤਹਿਸੀਲਦਾਰ ਚੌਣਾਂ ਇੰਦਰਜੀਤ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media