
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਜਲਦ ਕਰਨ ਅਤੇ ਨਾਲ ਹੀ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ। ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ’ਚ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ. ਸੰਧੂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਨੂੰ ਵੀ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਸ. ਸੰਧੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੋਰਟ ਕੇਸਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਗਿਰਦਾਵਰੀ ਦੇ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਅਫ਼ਸਰਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਲੋਕਲ ਰੇਟ, ਚੌਕੀਦਾਰਾ ਟੈਕਸ, 47-ਏ ਅਧੀਨ ਕੇਸਾਂ ਵਿਚ ਕੱਢੀ ਗਈ ਵਸੂਲਣਯੋਗ ਰਾਸ਼ੀ, ਪੀ.ਡਬਲਿਊ. ਸੀ ਵੱਲੋਂ ਕੱਢੀ ਗਈ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ, ਆਡਿਟ ਅਤੇ ਪੜਤਾਲ ਰਿਪੋਰਟਾ ਅਤੇ ਆਡਿਟ ਪੈਰ੍ਹਿਆਂ ਦੁਆਰਾ ਕੱਢੀ ਗਈ ਵੱਖ-ਵੱਖ ਕਿਸਮ ਦੀ ਵਸੂਲੀ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਹੁਣ ਤੱਕ ਹੋਏ ਕੰਮ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਸਾਰੇ ਉੱਪ ਮੰਡਲ ਮੈਜਿਸਟਰੇਟ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media