Monday, December 23, 2024

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁ ਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਅੱਜ

SGPC
ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਸਮੇਸ਼ ਪਿਤਾ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਵਾਲੇ ਦਿਹਾੜੇ ਅੱਜ ਮਿਤੀ 22 ਦਸੰਬਰ ਨੂੰ ਵੱਡੇ ਪੱਧਰ ’ਤੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ ਜਿਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਲਗਭਗ 1 ਲੱਖ ਤੋਂ ਵੱਧ ਗਿਣਤੀ ਵਿੱਚ ਵਿਦਿਆਰਥੀ ਇਨ੍ਹਾਂ ਸਮਾਗਮਾਂ ਵਿੱਚ ਆਪਣੀ ਸ਼ਮੂਲੀਅਤ ਕਰਨਗੇ।
ਪ੍ਰੋ. ਬਡੂੰਗਰ ਨੇ ਅੱਗੇ ਦੱਸਿਆ ਕਿ ਇਸ ਕਾਰਜ ਲਈ ਸਮੁੱਚੇ ਸਿੱਖ ਜਗਤ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਅਪੀਲ ਕੀਤੀ ਗਈ ਸੀ ਜਿਸ ਪ੍ਰਤੀ ਵੱਡੇ ਪੱਧਰ ਤੇ ਸਿੱਖ ਸੰਸਥਾਵਾਂ ਜਿਨ੍ਹਾਂ ਵਿੱਚ ਦਮਦਮੀ ਟਕਸਾਲ ਮਹਿਤਾ ਚੌਕ, ਬੜੂ ਸਾਹਿਬ ਟਰੱਸਟ ਦੀਆਂ ਸਮੂਹ ਅਕਾਲ ਅਕੈਡਮੀਆਂ, ਚੀਫ ਖਾਲਸਾ ਦੀਵਾਨ ਦੇ ਸਮੂਹ ਵਿਦਿਅਕ ਅਦਾਰੇ, ਖਾਲਸਾ ਕਾਲਜ ਅੰਮ੍ਰਿਤਸਰ, ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਤੇ ਨਿਸ਼ਾਨੇ ਸਿੱਖੀ ਟਰੱਸਟ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਆਦਿ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿੱਚ ਵੀ ਸੰਗਤਾਂ ਵੱਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਲਈ ਵੱਡੇ ਪੱਧਰ ਤੇ ਇੰਤਜਾਮ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਹੋਵੇਗਾ।ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ੍ਹ (ਬਠਿੰਡਾ), ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦੀ ਸ਼ਹਾਦਤ ਵਾਲੇ ਅਸਥਾਨ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ, ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਵਾਲੀ ਧਰਤੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਆਦਿ ਅਸਥਾਨਾਂ ਪੁਰ ਸਮਾਗਮ ਹੋਣਗੇ।ਉਨ੍ਹਾਂ ਦੱਸਿਆ ਕਿ ਹੋਰ ਵੀ ਬਹੁਤ ਸਾਰੀਆਂ ਸੰਸਥਾਵਾਂ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕਰਨਗੀਆਂ।ਉਨ੍ਹਾਂ ਇਕ ਵਾਰ ਫਿਰ ਸਮੁੱਚੇ ਸਿੱਖ ਜਗਤ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਕੇ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰੀਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply