
ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਚੌਥੇ ਦਿਨ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਕਪਾਲ ਮੋਚਨ ਯਮੁਨਾ ਨਗਰ (ਹਰਿਆਣਾ) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਕਪਾਲ ਮੋਚਨ ਦੇ ਮ੍ਰੁੱਖ ਗ੍ਰੰਥੀ ਗਿਆਨੀ ਜਸਪਾਲ ਸਿੰਘ ਨੇ ਕੀਤੀ ਉਪਰੰਤ ਪਵਿੱਤਰ ਹੁਕਮਨਾਮਾ ਲਿਆ। ਸਤਿਨਾਮੁ ਵਾਹਿਗਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰੀ ਨੇ ਸਿਰੋਪਾਓ ਦੇ ਕੇ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਝ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਰਬੰਸ ਦਾਨੀ, ਮਰਦ ਅਗੰਮੜਾ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਹੁਪੱਖੀ ਸਖ਼ਸ਼ੀਅਤ ਦੇ ਮਾਲਕ ਸਨ। ਉਹ ਅਨੁਭਵੀ ਦਿਬ-ਦ੍ਰਿਸ਼ਟੀ ਵਾਲੇ ਧਾਰਮਿਕ ਨੇਤਾ, ਕਲਿਆਣਕਾਰੀ ਸੋਚ ਵਾਲੇ ਸਮਾਜਿਕ ਆਗੂ, ਨਿਧੜਕ ਸੂਰਮੇ ਤੇ ਜਰਨੈਲ ਹੋਣ ਦੇ ਨਾਲ-ਨਾਲ ਵਿਦਵਾਨ-ਸਾਹਿਤਕਾਰ ਵੀ ਸਨ।ਉਨ੍ਹਾਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦਸਮੇਸ਼ ਪਿਤਾ ਦੇ 350 ਸਾਲਾ ਜਨਮ ਦਿਹਾੜੇ ‘ਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਨਣ ਲਈ ਅਪੀਲ ਕੀਤੀ ।
ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਸੀ।ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਪਾਲ ਮੋਚਨ, ਯਮੁਨਾ ਨਗਰ ਦੀਆਂ ਵਿਦਿਆਰਥਣਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਨੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਿਆਂ ਹੋਇਆਂ ਸ਼ਮੂਲੀਅਤ ਕੀਤੀ।
ਬਲਦੇਵ ਸਿੰਘ ਕਾਇਮਪੁਰ ਸੀਨੀਆ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ-ਕੀਰਤਨ ਵਿੱਚ ਹਾਜ਼ਰ ਤੇ ਕੱਲ੍ਹ ਸਾਰਾ ਦਿਨ ਤੋਂ ਸੰਗਤਾਂ ਦੀ ਸ਼ਰਧਾ ਪੂਰਵਕ ਸੇਵਾ ਕਰ ਰਹੇ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਵਾਲੇ, ਬਖਸ਼ੀਸ਼ ਸਿੰਘ ਮੁੱਖ ਪਾਰਲੀਮਾਨੀ ਸਕੱਤਰ, ਬੀਬੀ ਮਨਜੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਚਾਨਣ ਸਿੰਘ ਮੀਤ ਮੱਤਰ, ਲਖਬੀਰ ਸਿੰਘ ਵਧੀਕ ਮੈਨੇਜਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਤੇਜਿੰਦਰ ਸਿੰਘ ਪੱਡਾ, ਸਤਨਾਮ ਸਿੰਘ ਇੰਚਾਰਜ, ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 31 ਦਸੰਬਰ ਨੂੰ ਪਹੁੰਚ ਕੇ ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਕਪਾਲ ਮੋਚਨ ਯਮੁਨਾ ਨਗਰ, ਹਰਿਆਣਾ ਤੋਂ ਨਗਰ-ਕੀਰਤਨ ਰਵਾਨਾ ਹੋ ਕੇ ਜਗਾਧਰੀ, ਯਮੁਨਾ ਨਗਰ, ਸਿਰਸਾਵਾਂ, ਸਹਾਰਨਪੁਰ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਨਾਨਕਪੁਰਾ ਆਸ਼ਰਮ ਹਰਿਦੁਆਰ (ਉੱਤਰਾਖੰਡ) ਵਿਖੇ ਹੋਵੇਗਾ। ਅੱਜ 24 ਦਸੰਬਰ ਨੂੰ ਹਰਿਦੁਆਰ ਉੱਤਰਾਖੰਡ ਤੋਂ ਰਵਾਨਾ ਹੋ ਕੇ ਨਜ਼ੀਬਾਬਾਦ, ਕੋਤਵਾਲੀ, ਜੱਸਪੁਰ, ਨਗੀਨਾ, ਧਾਮਪੁਰ, ਅਫ਼ਜ਼ਲਗੜ੍ਹ ਤੇ ਕਾਸ਼ੀਪੁਰ ਤੋ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਨਾਨਕ ਮਤਾ ਸਾਹਿਬ, ਜ਼ਿਲ੍ਹਾ ਊਧਮਪੁਰ ਉੱਤਰਾਖੰਡ ਵਿਖੇ ਹੋਵੇਗਾ।
ਇਸ ਮੌਕੇ ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, (ਹਰਿਆਣਾ), ਜਰਨੈਲ ਸਿੰਘ ਡੀਂਗਰਾ ਮੈਨੇਜਰ ਗੁਰਦੁਆਰਾ ਪੰਚਕੂਲਾ, ਹਰਿਆਣਾ, ਸੁਖਦੇਵ ਸਿੰਘ ਮੈਨੇਜਰ, ਨਰਿੰਦਰਜੀਤ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਕਪਾਲ ਮੋਚਨ, ਪਰਮਜੀਤ ਸਿੰਘ ਇੰਚਾਰਜ ਸਬ-ਆਫ਼ਿਸ, ਕੁਰਕੂਸ਼ੇਤਰ, ਹਰਿਆਣਾ, ਬਾਬਾ ਅਜੀਤ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਟਰੱਸਟ, ਬਾਬਾ ਹਰੀ ਸਿੰਘ ਟਾਹਲੀ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media