Thursday, March 12, 2026

50 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁ. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ ਤੋਂ ਰਵਾਨਾ

ppn2712201617
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 8ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਲਖਨਊ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਦਿਲਬਾਗ ਸਿੰਘ ਜਵੱਦੀ ਕਲਾਂ ਦੇ ਰਾਗੀ ਜਥੇ ਵੱਲੋਂ ਅੰਮ੍ਰਿਤਮਈ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਪਰਮਜੀਤ ਸਿੰਘ ਮੁੱਖ ਗ੍ਰੰਥੀ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਲਖਬੀਰ ਸਿੰਘ ਗ੍ਰੰਥੀ ਨੇ ਲਿਆ। ਸਤਿਨਾਮੁ ਵਾਹਿਗਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ-ਕੀਰਤਨ  ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਸ੍ਰ: ਚਾਨਣ ਸਿੰਘ ਮੀਤ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦੇਂਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਇਲਾਵਾ, ਗੈਰ ਸਿੱਖ ਜਥੇਬੰਧੀਆਂ ਜਿਨ੍ਹਾਂ ਨਗਰ-ਕੀਰਤਨ ਵਿੱਚ ਸੰਗਤਾਂ ਨਾਲ ਸਹਿਯੋਗ ਕੀਤਾ ਅਤੇ ਪੰਜਾਬ ਪੁਲੀਸ ਤੇ ਯੂ ਪੀ ਪੁਲੀਸ ਜਿਨ੍ਹਾਂ ਸਾਰਾ ਰਸਤਾ ਬੜੇ ਹੀ ਸੁਚੱਜੇ ਢੰਗ ਨਾ ਸਕਿਉਰਟੀ ਦੀ ਸੇਵਾ ਨਿਭਾਈ ਦਾ ਵੀ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਨੀਲੇ ਦੇ ਸ਼ਾਹ ਅਸਵਾਰ , ਸਰਬੰਸ ਦਾਨੀ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਸੰਘਰਸ਼ ਲੋਕਾਂ ਨੂੰ ਗੈਰਤ, ਗੌਰਵ, ਅਣਖ, ਜ਼ਮੀਰ ਦੀ ਅਜ਼ਾਦੀ, ਮਨੁੱਖੀ ਬਰਾਬਰੀ, ਸਵੈਮਾਣ ਅਤੇ ਸਰਦਾਰੀ ਦੇਣ ਲਈ ਹੀ ਰਿਹਾ। ਗੁਰੂ ਸਾਹਿਬ ਨੇ ਇਸ ਮਹਾਨ ਕ੍ਰਾਂਤੀਕਾਰੀ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਸਮੁੱਚਾ ਪ੍ਰੀਵਾਰ ਹੀ ਅਡੋਲ ਅਤੇ ਕਮਾਲ ਦੇ ਸਹਿਜ ਵਿੱਚ ਰਹਿੰਦਿਆਂ ਕੁਰਬਾਨ ਕਰ ਦਿੱਤਾ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਕਲਗੀਧਰ ਦਸਮੇਸ਼ ਪਿਤਾ ਦੇ ਉਪਦੇਸਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਬੇਨਤੀ ਕੀਤੀ।
ਡਾ: ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤਿੰਨ ਦਿਨ ਠਹਿਰੇ ਤੇ ਦਸਮ ਪਿਤਾ ਮਾਤਾ ਗੁਜਰੀ ਜੀ ਅਤੇ ਮਾਮਾ ਕਿਰਪਾਲ ਸਿੰਘ ਨਾਲ ਏਥੇ ਦੋ ਮਹੀਨੇ ਤਿੰਨ ਦਿਨ ਠਹਿਰੇ। ਇਸ ਗੁਰਦੁਆਰਾ ਸਾਹਿਬ ਵਿੱਚ ਦਸਮ ਪਿਤਾ ਜੀ ਵੱਲੋਂ ਕੀਤੇ ਗਏ ਦੋ ਹੁਕਮਨਾਮੇ ਅਤੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਡਭਾਗੀ ਹੈ ਜਿਸ ਨੂੰ ਸੰਗਤਾਂ ਦੀ ਸੇਵਾ ਕਰਨ ਦਾ ਸੁਭਾਗ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਦੋਂ ਵੀ ਕੋਈ ਸੇਵਾ ਸਾਡੇ ਜਿੰਮੇ ਲਾਵੇਗੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਉਨ੍ਹਾਂ ਦੇ ਇਲਾਵਾ ਸ੍ਰ: ਇੰਦਰਜੀਤ ਸਿੰਘ ਬੱਗਾ ਸੀਨੀਅਰ ਮੀਤ ਪ੍ਰਧਾਨ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਹੈ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ੍ਹਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਬੈਂਡ ਪਾਰਟੀਆਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਨੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਿਆਂ ਹੋਇਆਂ ਸ਼ਮੂਲੀਅਤ ਕੀਤੀ।
ਰਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਬੜੀ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ ਗਏ। ਵੱਖ-ਵੱਖ ਪੜਾਵਾਂ ਤੇ ਸੰਗਤਾਂ ਨੇ ਪ੍ਰਸ਼ਾਦੇ ਦੇ ਲੰਗਰ, ਫਲਾਂ ਦੇ ਲੰਗਰ, ਮਠਿਆਈਆਂ ਅਤੇ ਚਾਹ ਦੇ ਲੰਗਰ ਲਗਾ ਕੇ ਨਗਰ-ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕੀਤੀ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਾਰ ਸਾਹਿਬ ਦੇ ਇਤਿਹਾਸਕ ਅਸਥਾਨ ਦੇ ਪ੍ਰਧਾਨ ਡਾ: ਗੁਰਮੀਤ ਸਿੰਘ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਸ੍ਰ: ਲਖਵਿੰਦਰ ਸਿੰਘ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਤੇਜਿੰਦਰ ਸਿੰਘ ਪੱਡਾ, ਸ੍ਰ: ਸਤਨਾਮ ਸਿੰਘ ਇੰਚਾਰਜ, ਸ੍ਰ: ਸਤਨਾਮ ਸਿੰਘ ਮੀਤ ਮੈਨੇਜਰ, ਸ੍ਰ: ਗੁਲਜ਼ਾਰ ਸਿੰਘ ਸੁਪਰਵਾਈਜ਼ਰ, ਸ੍ਰ: ਬ੍ਰਿਜਪਾਲ ਸਿੰਘ ਇੰਚਾਰਜ ਯੂ ਪੀ ਸਿੱਖ ਮਿਸ਼ਨ ਹਾਪੜ, ਸ੍ਰ: ਗੁਰਮੀਤ ਸਿੰਘ ਬੁੱਟਰ, ਸ੍ਰ: ਜਤਿੰਦਰ ਸਿੰਘ ਫੋੇਟੋ ਗ੍ਰਾਫ਼ਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਸ੍ਰ: ਜੱਜ ਸਿੰਘ, ਸ੍ਰ: ਦਵਿੰਦਰ ਸਿੰਘ, ਸ੍ਰ:ਸਤਵੰਤ ਸਿੰਘ ਤੇ ਸ੍ਰ: ਹਰਪ੍ਰੀਤ ਸਿੰਘ ਪ੍ਰਚਾਰਕ, ਸ੍ਰ: ਸਤਨਾਮ ਸਿੰਘ ਦਰਦੀ ਕਵੀਸ਼ਰ, ਸ੍ਰ: ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਸ੍ਰ: ਸਮਸ਼ੇਰ ਸਿੰਘ ਤੇ ਸ੍ਰ: ਦਿਲਖੁਸ਼ ਸਿੰਘ ਪੀ ਟੀ ਸੀ ਨਿਊਜ਼ ਨੂੰ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ: ਗੁਰਮੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸ੍ਰ:ਰਜਿੰਦਰ ਸਿੰਘ ਬੱਗਾ, ਸ੍ਰ: ਅਮਰੀਕ ਸਿੰਘ ਸਕੱਤਰ, ਸ੍ਰ: ਸੱਜਣ ਸਿੰਘ ਮੈਨੇਜਰ, ਗਿਆਨੀ ਪਰਮਜੀਤ ਸਿੰਘ, ਗਿਆਨੀ ਲਖਬੀਰ ਸਿੰਘ, ਸ੍ਰ: ਹਰਮਿੰਦਰ ਸਿੰਘ, ਸ੍ਰ: ਜੋਗਿੰਦਰ ਸਿੰਘ, ਸ੍ਰ: ਇੰਦਰਜੀਤ ਸਿੰਘ ਬਜਾਜ, ਸ੍ਰ: ਨਰਿੰਦਰ ਸਿੰਘ ਰਾਜਾ, ਸ੍ਰ: ਨਿਰਮਲ ਸਿੰਘ, ਸ੍ਰ: ਸਰਬਜੀਤ ਸਿੰਘ, ਸ੍ਰ: ਮਨਦੀਪ ਸਿੰਘ ਤਲਵਾੜ, ਰਾਜਾ ਨਰਿੰਦਰ ਸਿੰਘ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ ਤੋਂ ਰਵਾਨਾ ਹੋ ਕੇ ਨਗਰ-ਕੀਰਤਨ ਬਾਰਾਬੰਕੀ, ਫੈਜ਼ਾਬਾਦ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਅਯੁੱਧਿਆ ਜ਼ਿਲ੍ਹਾ ਫੈਜ਼ਾਬਾਦ (ਉੱਤਰ ਪ੍ਰਦੇਸ਼) ਵਿਖੇ ਕਰੇਗਾ। ਅੱਜ ਸਵੇਰੇ ਅਯੁੱਧਿਆ ਤੋਂ ਰਵਾਨਾ ਹੋ ਕੇ ਫੈਜ਼ਪੁਰ, ਸੁਲਤਾਨਪੁਰ, ਪ੍ਰਤਾਪ ਗੜ੍ਹ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਸਿੰਘ ਸਭਾ ਇਲਾਹਬਾਦ (ਉੱਤਰ ਪ੍ਰਦੇਸ਼) ਵਿਖੇ ਹੋਵੇਗਾ।
ਇਸ ਮੌਕੇ ਸ੍ਰ: ਰੇਸ਼ਮ ਸਿੰਘ, ਸ੍ਰ: ਹਰਦੀਪ ਸਿੰਘ, ਸ੍ਰ: ਧਰਮ ਸਿੰਘ, ਸ੍ਰ: ਯੁਵਰਾਜ ਸਿੰਘ, ਸ੍ਰ: ਇਕਬਾਲ ਸਿੰਘ, ਸ੍ਰ: ਰਣਜੀਤ ਸਿੰਘ ਤੇ ਸ੍ਰ: ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ ਦੇ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply