
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਵਿਸ਼ੇਸ਼ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਸਕਣ। ਇਹ ਹਦਾਇਤ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਤੀ।
ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਆਮ ਜਨਤਾ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮਾਂ ਤਾਂ ਹੀ ਸਾਰਥਕ ਸਿੱਧ ਹੋ ਸਕਦੀਆਂ ਹਨ, ਜੇਕਰ ਇਨ੍ਹਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜਿਹੜੇ ਵੀ ਵਿਭਾਗ ਵੱਲੋਂ ਭਵਿੱਖ ਵਿਚ ਕੋਈ ਟ੍ਰੇਨਿੰਗ ਜਾਂ ਸੈਮੀਨਾਰ ਕਰਵਾਇਆ ਜਾਂਦਾ ਹੈ ਤਾਂ ਉਨ੍ਹਾਂ ਸਬੰਧੀ ਹਲਕੇ ਦੇ ਚੁਣੇ ਹੋਏ ਨੁਮਾਇੰਦਿਆਂ, ਵਿਧਾਇਕਾਂ ਅਤੇ ਕੌਂਸਲਰਾਂ ਨੂੰ ਲਿਖਤੀ ਸੱਦਾ ਦਿੱਤਾ ਜਾਵੇ ਅਤੇ ਸਮਾਗਮਾਂ ਦੀਆਂ ਤਸਵੀਰਾਂ ਵਿਭਾਗਾਂ ਦੀਆਂ ਵੈੱਬਸਾਈਟਾਂ ’ਤੇ ਅਪਲੋਡ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮਾਂ ਦੀ ਪਾਰਦਰਸ਼ਤਾ ਲਈ ਮੀਡੀਆ ਦਾ ਵੱਧ ਤੋਂ ਵੱਧ ਸਹਿਯੋਗ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਕੋਲੋਂ ਵੱਧ ਤੋਂ ਵੱਧ ਬੱਜਟ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਵਿਚ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅੰਮ੍ਰਿਤਸਰ ਸ੍ਰੀ ਸੌਰਵ ਅਰੋੜਾ, ਉਪ-ਅਰਥ ਤੇ ਅੰਕੜਾ ਸਲਾਹਕਾਰ ਡਾ ਅਮਨਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media