Saturday, August 29, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ

SGPC
ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ) -ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2017 ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਜਨਵਰੀ 2017 ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਹੋਣਗੀਆਂ।
ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ 5 ਜਨਵਰੀ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ 7.00 ਤੋਂ 9.00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply