Tuesday, March 31, 2026

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ- ਡਾ. ਬਸੰਤ ਗਰਗ

Basant garg
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਅਗੇਤੇ ਤੌਰ ’ਤੇ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਅਹਿਮ ਮੀਟਿੰਗਾਂ ਹੋਈਆਂ। ਇਸ ਮੌਕੇ ਡਾ. ਗਰਗ ਨੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ  ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰਾਜ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਸਾਰ ਹੀ ਜ਼ਿਲ੍ਹੇ ਦੇ ਹਰੇਕ ਹਲਕੇ ਵਿਚ ਵੱਖ-ਵੱਖ ਚੌਕਸੀ ਟੀਮਾਂ ਵੱਲੋਂ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਵੱਲੋਂ ਹਰੇਕ ਉਮੀਦਵਾਰ ਦੇ ਖਰਚੇ ਦੀ ਹੱਦ 28 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਉਮੀਦਵਾਰ ਦੇ ਹੱਕ ਵਿਚ ਵਰਤੇ ਜਾਣ ਵਾਲੇ ਸਮੂਹ ਪ੍ਰਚਾਰ ਸਾਧਨਾਂ, ਜਿਨ੍ਹਾਂ ਵਿਚ ਪ੍ਰਿੰਟ ਮੀਡੀਆ, ਇਲੈਕਟਰੋਨਿਕ ਮੀਡੀਆ, ਸੋਸ਼ਲ ਸਾਈਟਾਂ ਅਤੇ ਸੋਸ਼ਲ ਮੀਡੀਆ ਦੇ ਸਾਧਨ ਵੀ ਸ਼ਾਮਲ ਹਨ, ਨੂੰ ਇਸ਼ਤਿਹਾਰਬਾਜ਼ੀ ਲਈ ਵਰਤੇ ਜਾਣ ਦੀ ਸੂਰਤ ਵਿਚ ਜਿਥੇ ਖਰਚੇ ਨੂੰ ਉਮੀਦਵਾਰ ਦੇ ਖ਼ਾਤੇ ਵਿੱਚ ਜੋੜਿਆ ਜਾਵੇਗਾ ਉਥੇ ਹੀ ਪ੍ਰਿੰਟਿੰਗ ਪ੍ਰੈੱਸਾਂ ਰਾਹੀਂ ਪ੍ਰਕਾਸ਼ਿਤ ਹੋਣ ਵਾਲੀ ਸਮੂਹ ਪ੍ਰਚਾਰ ਸਮੱਗਰੀ ਸਬੰਧੀ ਸਹੀ ਵੇਰਵੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਲਿਖ਼ਤੀ ਤੌਰ ’ਤੇ ਦੇਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜੇ ਕਿਸੇ ਵੀ ਉਮੀਦਵਾਰ ਦੇ ਪ੍ਰਚਾਰ ਵਾਲਾ ਪੋਸਟਰ, ਬੈਨਰ, ਹੋਰਡਿੰਗਜ਼, ਫਲੈਕਸ ਆਦਿ ਅਜਿਹਾ ਪਾਇਆ ਗਿਆ ਜਿਸ ਵਿਚ ਪ੍ਰਿੰਟਰ/ਪਬਲਿਸ਼ਰ ਦਾ ਨਾਂ, ਪਤਾ ਅਤੇ ਪ੍ਰਕਾਸ਼ਿਤ ਸਮੱਗਰੀ ਦੀ ਗਿਣਤੀ ਦਾ ਵੇਰਵਾ ਦਰਜ ਨਹੀਂ ਹੈ, ਤਾਂ ਜਾਂਚ ਉਪਰੰਤ ਦੋਸ਼ੀ ਪਾਏ ਜਾਣ ’ਤੇ ਪ੍ਰਿੰਟਿੰਗ ਪ੍ਰੈੱਸ ਵਿਰੁਧ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦੇ ਹੋਏ ਪ੍ਰਿੰਟਿੰਗ ਪ੍ਰੈੱਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਪ੍ਰਚਾਰ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਉਮੀਦਵਾਰ ਜਾਂ ਸਮਰਥਕ ਕੋਲੋਂ ਸਵੈ-ਘੋਸ਼ਣਾ ਪੱਤਰ ਲਾਜ਼ਮੀ ਤੌਰ ’ਤੇ ਲਿਆ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਤੇ ਜਨਤਕ ਸਥਾਨਾਂ ’ਤੇ ਇਸ਼ਤਿਹਾਰਬਾਜ਼ੀ ਨੂੰ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਦੇ ਨਾਲ-ਨਾਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ ਅਤੇ ਇਸ਼ਤਿਹਾਰਾਂ ਦੀ ਛਪਾਈ ਦੇ ਖਰਚੇ ਦੇ ਨਾਲ-ਨਾਲ ਇਸ਼ਤਿਹਾਰਾਂ ਨੂੰ ਹਟਾਉਣ ਦੀ ਪ੍ਰਕਿਰਿਆ ’ਤੇ ਆਉਣ ਵਾਲਾ ਖਰਚਾ ਵੀ ਉਮੀਦਵਾਰ ਦੇ ਖਰਚਾ ਰਜਿਸਟਰ ਵਿਚ ਸ਼ਾਮਲ ਕੀਤਾ ਜਾਵੇਗਾ।     ਇਸ ਦੌਰਾਨ ਚੋਣਾਂ ਸਬੰਧੀ ਹੋਰ ਹਦਾਇਤਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਰੇਟ ਸੂਚੀ ਵੀ ਸੌਂਪੀ ਗਈ ਅਤੇ ਜਾਣੂ ਕਰਵਾਇਆ ਗਿਆ ਕਿ ਚੋਣਾਂ ਦੌਰਾਨ ਵਰਤੋਂ ’ਚ ਲਿਆਂਦੇ ਜਾਣ ਵਾਲੇ ਸਾਮਾਨ ਦਾ ਖਰਚਾ ਸਬੰਧਤ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਵਿਚ ਜੋੜਿਆ ਜਾਵੇਗਾ। ਮੀਟਿੰਗਾਂ ਦੌਰਾਨ ਤਹਿਸੀਲਦਾਰ ਚੋਣਾਂ ਰਾਕੇਸ਼ ਕੁਮਾਰ ਥਾਪਰ, ਚੋਣ ਕਾਨੂੰਗੋ ਰਜਿੰਦਰ ਸਿੰਘ ਤੇ ਸੌਰਵ ਖੋਸਲਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply