Saturday, March 14, 2026

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ppn0401201731 ppn0401201732
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਸਨ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਦਸਮੇਸ਼ ਪਿਤਾ ਜੀ ਦਾ ਸਮੁੱਚਾ ਜੀਵਨ ਹੀ ਹੱਕ, ਸੱਚ, ਨਿਆਂ ਅਤੇ ਧਰਮ ਦੀ ਰਖਵਾਲੀ ਲਈ ਸੇਧਤ ਸੀ।ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਫਲਸਫੇ ਤੋਂ ਸੇਧ ਪ੍ਰਾਪਤ ਕਰਕੇ ਜੀਵਨ ਜਿਉਣ ਦੀ ਸੰਗਤਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਉਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੰਡੇ-ਬਾਟੇ ਦੀ ਪਾਹੁਲ ਛਕ ਕੇ ਇਕ ਨਰੋਏ ਸਮਾਜ ਦੀ ਸਿਰਜਨਾ ਕਰਨ ਅਤੇ ਦਸਮ ਪਿਤਾ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ।
ਨਗਰ ਕੀਰਤਨ ’ਚ  ਹਰਚਰਨ ਸਿੰਘ ਮੁੱਖ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਕੇਵਲ ਸਿੰਘ ਵਧੀਕ ਸਕੱਤਰ, ਕੁਲਵਿੰਦਰ ਸਿੰਘ ‘ਰਮਦਾਸ’, ਸਿਮਰਜੀਤ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਤੇ ਸਤਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਤੇ ਰਘਬੀਰ ਸਿੰਘ ਮੰਡ ਮੈਨੇਜਰ, ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸੁਖਰਾਜ ਸਿੰਘ, ਬਘੇਲ ਸਿੰਘ ਤੇ ਹਰਜਿੰਦਰ ਸਿੰਘ ਵਧੀਕ ਮੈਨੇਜਰ, ਪ੍ਰੀਤਪਾਲ ਸਿੰਘ ਐਲ ਏ, ਯੁਵਰਾਜ ਭੁਪਿੰਦਰ ਸਿੰਘ ਤੇ ਗੁਰਪ੍ਰਤਾਪ ਸਿੰਘ ਟਿੱਕਾ ਅਕਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਹਰਚਰਨ ਸਿੰਘ ਮੁੁੱਖ ਸਕੱਤਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 5 ਜਨਵਰੀ ਨੂੰ ਸਵੇਰੇ 8.30 ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ 7.00 ਤੋਂ 9.00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਮੇਤ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply