ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਵਿਖੇ 6 ਜਨਵਰੀ ਨੂੰ ਸਵੇਰੇ 11:00 ਵਜੇ ਗੁਰੂ ਨਾਨਕ ਭਵਨ ਨਜਦੀਕ ਬੱਸ ਸਟੈਂਡ ਵਿਖੇ ਇਕ

ਵਿਸ਼ਾਲ ਡਿਜੀਟਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਨਕਦੀ ਰਹਿਤ ਭੁਗਤਾਨ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੱਸਿਆ ਕਿ ਮੇਲੇ ਵਿਚ ਰਾਸ਼ਟਰੀਕ੍ਰਿਤ ਬੈਂਕਾਂ ਤੋਂ ਇਲਾਵਾ ਨਿੱਜੀ ਬੈਂਕਿੰਗ ਅਤੇ ਹੋਰ ਵਿੱਤੀ ਅਦਾਰੇ ਆਪਣੇ-ਆਪਣੇ ਸਟਾਲ ਲਗਾ ਕੇ ਡਿਜੀਟਲ ਭੁਗਤਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨੋਟਬੰਦੀ ਤੋਂ ਬਾਅਦ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਿਜ਼ੀਟਲ ਅਦਾਇਗੀ ਬਾਰੇ ਜਾਗਰੂਕਤਾ ਨਾਲ ਲੋਕਾਂ ਦੀਆਂ ਨੇੜ ਭਵਿੱਖ ਦੀਆਂ ਮੁਸ਼ਕਿਲਾਂ ਦੂਰ ਹੋ ਜਾਣਗੀਆਂ ਅਤੇ ਇਹ ਮੇਲਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ।
ਡਾ. ਗਰਗ ਨੇ ਦੱਸਿਆ ਕਿ ਇਸ ਮੌਕੇ ਡਿਜੀਟਲ ਇੰਡੀਆ ਸਬੰਧੀ ਬੱਚਿਆਂ ਦੇ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਅਤੇ ਜਿੰਗਲ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।ਇਸ ਤੋਂ ਇਲਾਵਾ ਡਿਜੀਟਲ ਇੰਡੀਆ ਪ੍ਰੋਗਰਾਮ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
Punjab Post Daily Online Newspaper & Print Media