ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਜ਼ਿਲ੍ਹੇ ਨਾਲ ਪ੍ਰਮਾਣਿਤ

ਸ਼ਰਾਬ ਦੇ ਠੇਕੇਦਾਰਾਂ ਅਤੇ ਮੈਰਿਜ਼ ਪੈਲਸਾਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਫਲਾਈਂਗ ਸੁਕਆਇਡ ਟੀਮਾਂ ਅਤੇ ਵੀਡੀਓ ਵੀਊਂਗ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਲਈ ਸਮੂਹ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕੀਤਾ ਜਾਵੇ। ਇਸ ਲਈ ਜ਼ਿਲ੍ਹਾ ਚੋਣ ਦਫ਼ਤਰ ਨੂੰ ਰੋਜ਼ਾਨਾ ਦੋ ਨੰਬਰ ਫਾਰਮ ਭਰ ਕੇ ਭੇਜਿਆ ਜਾਵੇ ਅਤੇ ਸਟਾਕ ਨੂੰ ਵੀ ਪੂਰੀ ਤਰ੍ਹਾਂ ਦਰੁਸਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਣਧਾਕਿਰਤ ਥਾਵਾਂ ਤੇ ਵੀ ਸ਼ਰਾਬ ਆਦਿ ਦੀ ਵਿਕਰੀ ਨੂੰ ਰੋਕਿਆ ਜਾਵੇ। ਠੇਕਿਆਂ ਨੂੰ ਪੂਰੇ ਸਮੇਂ ਤੇ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵੀ ਉਮੀਦਵਾਰ ਦੇ ਹੱਕ ਵਿਚ ਕਿਸੇ ਵੀ ਤਰ੍ਹਾਂ ਦੀ ਕਿਸੇ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸ਼ਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਮੈਰਿਜ਼ ਪੈਲੇਸਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕਿਹਾ ਕਿ ਮੈਰਿਜ਼ ਪੈਲੇਸਾਂ ਵਿਚ ਹੋਣ ਵਾਲੇ ਸਮਾਗਮਾਂ ਦੌਰਾਨ ਜੇਕਰ ਕੋਈ ਵੀ ਉਮੀਦਵਾਰ ਵੋਟਰਾਂ ਨੂੰ ਭਰਮਾਉਣ ਲਈ ਸਮਾਨ ਆਦਿ ਦੀ ਵੰਡ ਕਰਦਾ ਹੈ ਜਾਂ ਉਹ ਸਮਾਗਮ ਦੌਰਾਨ ਚੋਣ ਪ੍ਰਚਾਰ ਕਰਦਾ ਹੈ ਤਾਂ ਇਸ ਨੂੰ ਵੀ ਚੋਣ ਜ਼ਾਬਤੇ ਦੀ ਉਲੰਘਣਾ ਸਮਝਿਆ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਗਮ ਦਾ ਖਰਚ ਉਮੀਦਵਾਰ ਦੇ ਚੋਣ ਪ੍ਰਚਾਰ ਵਿਚ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਲਾਈਂਗ ਸੁਕਆਇਡ ਟੀਮਾਂ ਅਤੇ ਵੀਡੀਓ ਵੀਊਂਗ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾਵੇਗੀ।ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਤਹਿਸੀਲਦਾਰ ਚੋਣਾਂ ਇੰਦਰਜੀਤ, ਚੋਣ ਕਾਨੂੰਗੋ ਸੌਰਵ ਕੁਮਾਰ ਅਤੇ ਚੋਣ ਕਾਨੂੰਗੋ ਹਰਬੰਸ ਸਿੰਘ ਹਾਜ਼ਰ ਸਨ।
Punjab Post Daily Online Newspaper & Print Media