ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ।ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਮੁੱਖ ਸਮਾਗਮ ਦੌਰਾਨ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਸ਼ਤਾਬਦੀ ਸਮਾਗਮਾਂ ਲਈ ਦਿੱਤੇ ਗਏ ਯੋਗਦਾਨ ਨੂੰ ਬੇਮਿਸਾਲ ਅਤੇ ਇਤਿਹਾਸਕ ਦੱਸਿਆ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਕਿਸੇ ਗੈਰ ਸਿੱਖ ਸੂਬੇ ਦੀ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਵਾਸਤੇ ਨਿਭਾਈ ਅਪਾਰ ਸ਼ਰਧਾ ਲਈ ਦਿੱਲੀ ਦੀ ਸੰਗਤ ਹਮੇਸ਼ਾਂ ਬਿਹਾਰ ਸਰਕਾਰ ਅਤੇ ਬਿਹਾਰੀ ਲੋਕਾਂ ਦੀ ਰਿਣੀ ਰਹੇਗੀ, ਜਿਨ੍ਹਾਂ ਨੇ ਗੈਰ ਸਿੱਖ ਹੁੰਦੇ ਹੋਏ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਬੜੀ ਸ਼ਰਧਾ ਭਾਵਨਾ ਅਤੇ ਆਪਸੀ ਪਿਆਰ ਦੇ ਮਾਹੌਲ ਵਿੱਚ ਮਨਾਉਣ ਦਾ ਸਾਨੂੰ ਸੁਨਿਹਰਾ ਮੌਕਾ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਪਟਨਾ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਭਾਗ ਲੈਣ ਦੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਇਸ ਮੌਕੇ ਦਿੱਲੀ ਕਮੇਟੀ ਵੱਲੋਂ ਲਗਭਗ 5 ਹਜ਼ਾਰ ਸੰਗਤਾਂ ਨੂੰ 3 ਸਪੈਸ਼ਲ ਟਰੇਨਾਂ ਰਾਹੀਂ ਭੇਜਣ ਦੀ ਵੀ ਹਵਾਲਾ ਦਿੱਤਾ।

ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਹੋਇਆ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖਾਂ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਬਚਪਨ ਤੋਂ ਹੀ ਆਪਣੇ ਅਮੀਰ ਵਿਰਸੇ ਤੋਂ ਜਾਣੂੰ ਕਰਾਉਣ ਲਾਜ਼ਮੀ ਹੈ। ਉਨ੍ਹਾਂ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਤੋਂ ਵੀ ਸੰਗਤਾਂ ਜਾਣੂੰ ਕਰਵਾਇਆ।

ਭਾਰਤੀ ਜਨਤਾ ਪਾਰਟੀ ਦਿੱਲੀ ਇਕਾਈ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਮਨੋਜ ਤਿਵਾੜੀ, ਆਰ. ਪੀ ਸਿੰਘ, ਵਿਨੈ ਸਹਿਸਤਰਬੁੱਧੀ ਨੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਆਪਣਾ ਅਕੀਦਾ ਭੇਟ ਕੀਤਾ। ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਸਨਮਾਨ ਵਜੋਂ ਦਿੱਤਾ ਗਿਆ।ਪੰਥ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥੇ ਅਤੇ ਕਵੀ ਸਜਣਾਂ ਨੇ ਸੰਗਤਾਂ ਨੂੰ ਇਸ ਮੌਕੇ ਗੁਰਮਤਿ ਦੇ ਰਾਹੀ ’ਤੇ ਚੱਲਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਕੁਲਮੋਹਨ ਸਿੰਘ, ਰਵਿੰਦਰ ਸਿੰਘ ਖੁਰਾਣਾ, ਹਰਦੇਵ ਸਿੰਘ ਧਨੋਆ, ਅਕਾਲੀ ਨੇਤਾ ਵਿਕਰਮ ਸਿੰਘ ਤੇ ਹੋਰ ਪੱਤਵੰਤੇ ਸੱਜਣਾਂ ਦੇ ਸੰਗਤਾਂ ਦੇ ਦਰਸ਼ਨ ਕੀਤੇ।
Punjab Post Daily Online Newspaper & Print Media