ਅੰਮ੍ਰਿਤਸਰ, 13 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਸਥਿਤ ਗੁਰਦੁਆਰਾ ਧੰਨ-ਧੰਨ ਭਗਤ ਨਾਮਦੇਵ ਜੀ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਣ ਨੂੰ ਦੁਖਦਾਈ ਘਟਨਾ ਦੱਸਿਆ ਹੈ।ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਬਾਰ-ਬਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਜਾਗਤ ਜੋਤਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਗਨ ਭੇਟ ਹੋਣਾ ਇੱਕ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਅਖਬਾਰਾਂ ਵਿੱਚ ਇਸ਼ਤਿਹਾਰ ਪ੍ਰਕਾਸ਼ਤ ਕਰਵਾ ਕੇ ਗੁਰਦੁਆਰਾ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਗਰਮੀ ਦੇ ਮੌਸਮ ‘ਚ ਗੁਰੂ-ਘਰਾਂ ਦਾ ਖਾਸ ਖਿਆਲ ਰੱਖਿਆ ਜਾਵੇ ਤੇ ਆਪਣੀ ਗੈਰ ਹਾਜ਼ਰੀ ਸਮੇਂ ਕੋਈ ਵੀ ਬਿਜਲੀ ਉਪਕਰਨ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਜਾਂ ਸੁਖ-ਆਸਣ ਅਸਥਾਨ ਵਾਲੇ ਕਮਰੇ ‘ਚ ਚਲਦਾ/ਜਗਦਾ ਨਾ ਛੱਡਿਆ ਜਾਵੇ ਤੇ ਗੁਰੂ-ਘਰਾਂ ਦੀ ਵਾਇਰਿੰਗ ਆਦਿ ਸਹੀ ਢੰਗ ਨਾਲ ਕਰਵਾਈ ਜਾਵੇ, ਪਰ ਹੈਰਾਨੀ ਹੈ ਕਿ ਇਨ੍ਹਾਂ ਗੱਲਾਂ ਤੋਂ ਗੁਰੂ-ਘਰਾਂ ਦੇ ਪ੍ਰਬੰਧਕ ਅਵੇਸਲੇ ਕਿਉਂ ਹਨ?ਉਨ੍ਹਾਂ ਇਕ ਵਾਰ ਫਿਰ ਸਮੂਹ ਸਭਾ-ਸੁਸਾਇਟੀਆਂ, ਗ੍ਰੰਥੀ ਸਿੰਘ ਤੇ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਗੁਰੂ-ਘਰਾਂ ਪ੍ਰਤੀ ਅਵੇਸਲਾਪਨ ਛੱਡਣ ਤੇ ਨਿਤਾ ਪ੍ਰਤੀ ਵਾਪਰ ਰਹੀਆਂ ਸ਼ਾਰਟ ਸਰਕਟ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਉਪਰੰਤ ਪਛਤਾਵਾ ਕਰਨ ਨਾਲੋਂ ਚੰਗਾ ਇਹ ਹੈ ਕਿ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਨ ਹੀ ਨਾ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਅਗਰ ਅੱਗੇ ਤੋਂ ਕੋਈ ਅਜਿਹੀ ਘਟਨਾ ਵਾਪਰੇਗੀ ਤਾਂ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਿੰਮੇਵਾਰ ਹੋਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …