ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਆਯੋਜਿਤ ਹੋਵੇਗਾ
ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ’ਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਦੱਸਿਆ ਹੈ ਕਿ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰ ਦੁਪਹਿਰ 12.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਜੋ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਕਿਹਾ ਕਿ ਜਨਮ ਦਿਹਾੜੇ ਨੂੰ ਸਮਰਪਿਤ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਜਨਵਰੀ ਨੂੰ ਸਵੇਰੇ 8.30 ਵਜੇ ਪੈਣ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਸਿੰਘ ਸਾਹਿਬ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਕਰਨਗੇ।ਇਸੇ ਦਿਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਅੰਮ੍ਰਿਤ ਅਭਿਲਾਖੀ ਅੰਮ੍ਰਿਤਪਾਨ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਆਉਣ।ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਵੇਰੇ 10.00 ਤੋਂ ਸ਼ਾਮ 4.00 ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਢਾਡੀ ਤੇ ਕਵੀਸ਼ਰ ਬਾਬਾ ਜੀ ਦੇ ਜੀਵਨ ਸਬੰਧੀ ਵਾਰਾਂ ਗਾਇਨ ਕਰਨਗੇ।
ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ’ਚ ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਸਤਿੰਦਰਪਾਲ ਸਿੰਘ ਜਗਾਧਰੀ, ਭਾਈ ਹਰਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਵੱਲੋਂ ਬੀਰ-ਰਸੀ ਵਾਰਾਂ, ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰੂ-ਘਰ ’ਚ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
Punjab Post Daily Online Newspaper & Print Media