ਫਾਜ਼ਿਲਕਾ, 26 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- 68ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ।ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਕੇਤਨ ਬਾਲੀ ਰਾਮ ਪਾਟਿਲ ਜਨਰਲ ਅਬਜ਼ਰਵਰ ਵੀ ਅਬਰਾਹਮ, ਪੁਲਿਸ ਅਬਜਰਵਰ ਵਿਕਾਸ ਵੈਭਵ, ਖਰਚਾ ਅਬਜ਼ਰਵਰ ਗੁੰਨਜਨ ਕੁਮਾਰ, ਖਰਚਾ ਅਬਜ਼ਰਵਰ ਮੁਕੇਸ਼ ਕੁਮਾਰ ਪਾਲ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਸਹੀ ਮਾਅਨਿਆਂ ਵਿੱਚ ਗਣਰਾਜ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਹੋਣ ਵੱਲ ਪਹਿਲਾ ਮੀਲ ਪੱਥਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਦੇ ਕਾਰਨ ਹੀ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ ਅਤੇ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿੱਚੋਂ ਇੱਕ ਹੈ। ਅਸੀਂ ਕਾਫੀ ਖੇਤਰਾਂ ਵਿੱਚ ਅੱਗੇ ਵਧੇ ਹਾਂ ਜਿਸ ਦੇ ਨਤੀਜੇ ਵਜੋਂ ਸਾਡੀ ਆਰਥਿਕਤਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਈ ਹੈ ਅਤੇ ਵਿਕਾਸ ਦਰ ਵਧੀ ਹੈ ਪਰ ਸਾਨੂੰ ਗਰੀਬੀ ਰੇਖ਼ਾ ਤੋਂਂ ਹੇਠਾਂ ਰਹਿ ਰਹੇ ਲੋਕਾਂ ਦੀ ਵੀ ਚਿੰਤਾ ਹੈ। ਸੂਬਿਆਂ ਦੇ ਪੱਧਰ ਉੱਤੇ ਹਾਲ ਹੀ ਦੇ ਸਾਲਾਂ ਦੌਰਾਨ ਬਹੁ-ਪੜਾਵੀ ਰਣਨੀਤੀ ਦੇ ਰਾਹੀਂ ਸਾਡੇ ਲੋਕਾਂ ਦਾ ਸ਼ਸਕਤੀਕਰਣ ਕਰਕੇ ਅਤੇ ਗਰੀਬੀ ਨੂੰ ਘਟਾ ਕੇ ਸਮਾਜਿਕ ਬਰਾਬਰਤਾ ਲਿਆਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਗੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਸਾਡੇ ਖੇਤੀਬਾੜੀ ਵਿਗਿਆਨੀਆਂ ਅਤੇ ਤਕਨੀਕੀ ਮਾਹਿਰਾਂ ਨੇ ਨਵੀਂਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਅਤੇ ਉਨਾਂ ਨੂੰ ਜ਼ਰੂਰੀ ਅਗਵਾਈ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਇਤਿਹਾਸਕ ਮੌਕੇ ’ਤੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਨ ਅਤੇ ਪੂਰੇ ਭਰੋਸੇ ਨਾਲ ਕੰਮ ਕਰਨ ਪ੍ਰਣ ਕਰਨਾ ਚਾਹੀਦਾ ਹੈ।
ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐਨ.ਸੀ.ਸੀ. ਦੀਆਂ ਟੁਕੜੀਆਂ, ਗਾਈਡਜ਼ ਅਤੇ ਆਰਮੀ ਬੈਂਡ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਕੋਰਿਉਗ੍ਰਾਫ਼ੀ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿਚ ਚੰਗਾ ਨਿਮਾਣਾ ਖੱਟਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਅਤੇ ਵੱਖ ਵੱਖ ਖੇਤਰਾਂ ਵਿਚ ਸਮਾਜ ਨੂੰ ਚੰਗੀ ਸੇਧ ਦੇਣ ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ.ਐਚ.ਮੈਡਮ ਕੰਵਰਦੀਪ ਕੌਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਗਟ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਦੀਪ ਧੂੜੀਆ,ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਹਰਸ਼ਰਨਜੀਤ ਸਿੰਘ ਬਰਾੜ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media