ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗਣਤੰਤਰਤਾ ਦਿਵਸ ਦੀ 67ਵੀਂ ਵਰਖ਼ੇਗੰਢ ਮੌਕੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਘਣਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਸਮੇਤ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ 68ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਤੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਮਹਾਨ ਸ਼ਹੀਦਾਂ, ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਘਾਲੀ ਘਾਲਣਾ ਨੂੰ ਨਮਨ ਕਰਦਿਆਂ ਕਿਹਾ ਕਿ ਇਨਖ਼ਾਂ ਸਖਸ਼ੀਅਤਾਂ ਵਲੋਂ ਕੀਤੇ ਸੰਘਰਸ਼ ਨੂੰ ਕਦੇ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਇਨਖ਼ਾਂ ਵਲੋਂ ਆਜ਼ਾਦ ਭਾਰਤ ਲਈ ਲੜੇ ਘੋਲ ਦਾ ਕਦੇ ਦੇਣਾ ਦਿੱਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਡਟ ਕੇ ਆਜ਼ਾਦੀ ਦੀ ਲੜਾਈ ਲੜੀ ਅਤੇ ਅਥਾਹ ਕੁਰਬਾਨੀਆਂ ਦੇ ਕੇ 15 ਅਗਸਤ, 1947 ਨੂੰ ਦੇਸ਼ ਆਜ਼ਾਦ ਕਰਵਾਇਆ ਜਿਸ ਉਪਰੰਤ ਦੇਸ਼ ਦੇ ਨੇਤਾਵਾਂ ਅਤੇ ਚਿੰਤਕਾਂ ਨੇ ਦੇਸ਼ ਨੂੰ ਸੰਸਾਰ ਦਾ ਵੱਡਾ ਲੋਕਤੰਤਰ ਗਣਰਾਜ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਨਾ ਸ਼ੁਰੂ ਕੀਤਾ । 26 ਜਨਵਰੀ, 1950 ਨੂੰ ਦੇਸ਼ ਵਿੱਚ ਸੰਵਿਧਾਨ ਲਾਗੂ ਹੋਣ ਨਾਲ ਦੇਸ਼ ਲੋਕਤੰਤਰੀ ਗਣਰਾਜ ਬਣ ਗਿਆ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਖਾਸ ਕਰਕੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਵਲੋਂ ਸੰਜੋਏ ਨਰੋਏ ਸਮਾਜ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਭਾਰਤ ਤਰੱਕੀ ਦੀਆਂ ਹੋਰ ਬੁਲੰਦੀਆਂ ਸਰ ਕਰ ਸਕੇ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ, ਜੋਧਿਆਂ, ਸ਼ੂਰਵੀਰਾਂ ਅਤੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਲਗਾਤਾਰ ਸੇਧ ਲੈਂਦਿਆਂ ਰਾਸ਼ਟਰ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਰੱਖਿਆ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਅਤੇ ਨਾਮਧਾਰੀ ਲਹਿਰ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਹੋਰ ਦੇਸ਼ ਭਗਤਾਂ ਨੂੰ ਕੌਣ ਭੁਲਾ ਸਕਦਾ ਹੈ ।ਅੱਜ ਦੇ ਮੌਕੇ ਅਸੀਂ ਦੇਸ਼ ਦੇ ਸਿਰਮੌਰ ਸ਼ਹੀਦਾਂ ਰਾਜਗੁਰੂ, ਸੁਖਦੇਵ ਅਤੇ ਭਗਤ ਸਿੰਘ ਦੀਆਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ, ਕਾਮਾਗਾਟਾ ਮਾਰੂ ਦੇ ਸ਼ਹੀਦਾਂ ਅਤੇ ਹੋਰ ਅਣਗਿਣਤ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਾਂ ਜਿਨਖ਼ਾਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਸਤੇ ਆਪਣਾ ਸਭ ਕੁੱਝ ਦੇਸ਼ ਤੋਂ ਨਿਸ਼ਾਵਰ ਕਰ ਦਿੱਤਾ ਅਤੇ ਇਨਖ਼ਾਂ ਕੁਰਬਾਨੀਆਂ ਦਾ ਜਜ਼ਬਾ ਸਾਡੇ ਲੋਕਤੰਤਰ ਗਣਰਾਜ ਦੀ ਅਧਾਰ-ਸ਼ਿਲਾ ਹੈ ਜਿਸ ਨੂੰ ਰਾਸ਼ਟਰੀ ਭਾਵਨਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ ।
ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਦੀ ਗੱਲ ਨੂੰ ਜ਼ੋਰ ਨਾਲ ਉਭਾਰਦਿਆਂ ਸ਼੍ਰੀ ਥੋਰੀ ਨੇ ਕਿਹਾ ਕਿ ਅੱਜ ਦੇ ਦਿਨ ’ਤੇ ਸਾਨੂੰ ਤਹੱਈਆ ਕਰਨਾ ਚਾਹੀਦਾ ਹੈ ਕਿ ਅਸੀਂ ਬੱਚੇ ਦੇ ਜਨਮ ਦੇ ਅਧਿਕਾਰ ਦਾ ਸਤਿਕਾਰ ਕਰਦਿਆਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਸਤਿਕਾਰ ਦੇਵਾਂਗੇ ਅਤੇ ਚੰਗੇਰੇ ਸਮਾਜ ਦੀ ਸਿਰਜਣਾ ’ਚ ਹਿੱਸਾ ਪਾਵਾਂਗੇ । 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਥੋਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਵਾਲੀ ਵੋਟਿੰਗ ਵਿਚ ਹਿੱਸਾ ਲੈਣ ਦਾ ਪ੍ਰਣ ਕਰਨਾ ਚਾਹੀਦਾ ਹੈ
ਥੋਰੀ ਨੇ ਮਾਰਚ ਪਾਸਟ ਦੀਆਂ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਹਰਿੰਦਰ ਸਿੰਘ ਨੇ ਕੀਤੀ।ਇਸ ਮੌਕੇ 1715 ਸਕੂਲੀ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਜਦਕਿ ਪੁਲਿਸ ਪਬਲਿਕ ਸਕੂਲ ਦੇ 50 ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਜਿਮਨਾਸਟਿਕ ਸ਼ੋਅ ਹਰ ਇੱਕ ਵਲੋਂ ਸਲਾਹਿਆ ਗਿਆ।ਸੇਂਟ ਜ਼ੇਵੀਅਰ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ, ਐਮ.ਐਸ.ਡੀ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਭਰੂਣ ਹੱਤਿਆ ਦੇ ਖਾਤਮੇ ਅਤੇ ਮਹਿਲਾ ਸਸ਼ਕਤੀਕਰਨ ਵਿਸ਼ੇ ’ਤੇ, ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਨੇਕਤਾ ’ਚ ਏਕਤਾ ਵਿਸ਼ੇ ’ਤੇ ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਅਤੇ ਮਹੰਤ ਗੁਰਬੰਤਾ ਦਾਸ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਦਿਲ ਖਿੱਚਵੀਆਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ), ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਬਠਿੰਡਾ, ਐਸ.ਐਸ.ਡੀ ਪਬਲਿਕ ਸਕੂਲ, ਐਮ.ਐਚ.ਆਰ ਸਕੂਲ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੀਆਂ 210 ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਦੇਸ ਰਾਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ, ਖਾਲਸਾ ਸਕੂਲ, ਦਸ਼ਮੇਸ਼ ਸਕੂਲ, ਐਮ.ਐਚ.ਆਰ ਸਕੂਲ ਅਤੇ ਐਸ.ਐਸ.ਡੀ ਪਬਲਿਕ ਸਕੂਲ ਦੇ 100 ਵਿਦਿਆਰਥੀਆਂ ਨੇ ਭੰਗੜਾ ਪੇਸ਼ ਕੀਤਾ। ਸੇਂਟ ਜੋਸਫ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਸਕੂਲੀ ਵਿਦਿਆਰਥੀ ਆਦਿ ਹਾਜ਼ਰ ਸਨ।
Punjab Post Daily Online Newspaper & Print Media