ਬਾਬਾ ਬਕਾਲਾ/ ਜੰਡਿਆਲਾ, 30 ਜਨਵਰੀ (ਸੁੱਚਾ ਸਿੰਘ ਧੂਲਕਾ, ਹਰਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕਿਆਂ ਦੇ ਕ੍ਰਮਵਾਰ ਪਾਰਟੀ-ਉਮੀਦਵਾਰਾਂ ਦਲਬੀਰ ਸਿੰਘ ਟੌਂਗ ਅਤੇ ਹਰਭਜਨ ਸਿੰਘ ਦੇ ਹੱਕ ਵਿੱਚ ਵਿਸ਼ਾਲ ਤੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।
ਆਮ ਲੋਕਾਂ ਨਾਲ ਗੱਲਬਾਤ ਦੌਰਾਨ, ਕੇਜਰੀਵਾਲ ਨੇ ਕਿਹਾ ਕਿ ਉਹ ਸੂਬੇ ਦੇ ਆਪਣੇ ਵੱਖੋ-ਵੱਖਰੇ ਹਿੱਸਿਆਂ ਦੇ ਦੌਰੇ ਦੌਰਾਨ ਪੰਜਾਬ ਦੀ ਜਨਤਾ ਵੱਲੋਂ ਮਿਲੇ ਪਿਆਰ ਅਤੇ ਨਿੱਘ ਤੋਂ ਡਾਢੇ ਖ਼ੁਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨਾਲ ਸਦਾ ਡਟਣਗੇ। ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ, ਕੇਜਰੀਵਾਲ ਨੇ ਕਿਹਾ ਕਿ ਹੁਣ ਅਕਾਲੀ ਗੁੰਡਿਆਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਾਰੇ ਅਪਰਾਧੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਥੋੜ੍ਹੇ ਜਿੰਨੇ ਕਾਰਜ-ਕਾਲ ਦੌਰਾਨ ਵੀ ਦਿੱਲੀ ’ਚ ਸੁਧਾਰਾਂ ਦਾ ਸਮੁੰਦਰ ਲਿਆਂਦਾ ਗਿਆ ਹੈ। ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ, ਸਿੱਖਿਆ ਅਤੇ ਸਿਹਤ ਖੇਤਰਾਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ, ਜਿਸ ਅਧੀਨ ਸਾਰੇ ਪਿੰਡਾਂ ਵਿੱਚ ਅਤਿ ਆਧੁਨਿਕ ਸਕੂਲ ਖੋਲ੍ਹੇ ਜਾਣਗੇ ਅਤੇ ਇਸ ਦੇ ਨਾਲ ਹੀ ਕੌਮਾਂਤਰੀ ਪੱਧਰ ਦੇ ਕਲੀਨਿਕ ਵੀ ਸਥਾਪਤ ਕੀਤੇ ਜਾਣਗੇ, ਜਿੱਥੇ ਯੋਗ ਡਾਕਟਰ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਮੁਹੱਈਆ ਕਰਵਾਏ ਜਾਣਗੇ।
ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਦਾ ਖ਼ਾਤਮਾ ਕਰਨ ਦਾ ਆਪਣਾ ਸੰਕਲਪ ਦੁਹਰਾਉਾਂਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਾਰਚ ਮਹੀਨੇ ਦੌਰਾਨ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਬਿਕਰਮ ਮਜੀਠੀਆ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹੀਂ ਡੱਕ ਦਿੱਤਾ ਜਾਵੇਗਾ। ਕੇਜਰੀਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਵੀ ਕੀਤਾ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media