ਤਰਨ ਤਾਰਨ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਇੰਜੀਨੀਅਰ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 2.2.2017 ਸ਼ਾਮ 5 ਵਜੇ ਤੋਂ ਮਿਤੀ 5.2.2017 ਸ਼ਾਮ 5 ਵਜੇ ਤੱਕ) ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ/ਰੈਲੀ ਕਰਨ ਅਤੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਘਰੋਂ-ਘਰੀਂ ਜਾ ਕੇ ਚੋਣ ਪ੍ਰਚਾਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 
ਇਸੇ ਤਰ੍ਹਾਂ ਵੋਟਾਂ ਵਾਲੇ ਦਿਨ ਮਿਤੀ 4.2.2017 ਨੂੰ ਪੋਲਿੰਗ ਸਟੇਸ਼ਨਾਂ ਤੋਂ 200 ਮੀਟਰ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਚੋਣਾਂ-2017 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਾਂ ਮਿਤੀ 4 ਫਰਵਰੀ 2017 ਨੂੰ ਪੈਣੀਆਂ ਹਨ। ਇਸ ਸਥਿਤੀ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਪੈਣ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ/ਰੈਲੀ ਨਹੀਂ ਕੀਤੀ ਜਾ ਸਕਦੀ ਅਤੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਘਰੋਂ-ਘਰੀਂ ਜਾ ਕੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਤੋਂ 200 ਮੀਟਰ ਘੇਰੇ ਦੇ ਅੰਦਰ ਵੀ ਪੰਜ ਜਾਂ ਇਸ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ।
Punjab Post Daily Online Newspaper & Print Media