ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਹਲਕਾ ਧੂਰੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਬਦਲੇ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ।
ਉਹਨਾਂ ਕਿਹਾ ਕਿ ਉਹ ਇੱਥੋਂ ਦੇ ਜੰਮਪਲ ਹੋਣ ਕਾਰਨ ਪਹਿਲਾਂ ਦੀ ਤਰ੍ਹਾਂ ਹੀ ਲੋਕਾਂ ਦੇ ਹਿੱਤਾਂ ਖਾਤਰ ਸੰਘਰਸ਼ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਇਲਾਕਾ ਨਿਵਾਸੀਆਂ ਦੀ ਸੇਵਾ ਕਰਕੇ ਆਪਣੀ ਅਗਲੀ ਜ਼ਿੰਦਗੀ ਬਤੀਤ ਕਰਨ ਦੇ ਇਛੁੱਕ ਹਨ।ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਹਰ ਦੁੱਖ-ਸੁੱਖ ਨੂੰ ਆਪਣਾ ਸਮਝਦੇ ਹਨ ਅਤੇ ਹਰ ਇੱਕ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਵਾਲੀ ਗੱਲ ਵਿੱਚ ਵਿਸ਼ਵਾਸ ਰੱਖਦੇ ਹਨ।ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈ ਡਿਊਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਇੱਕਜੁੱਟ ਦੀ ਨੀਤੀ ਉੱਪਰ ਚੱਲੀ ਹੈ ਜਿਸ ਕਾਰਨ ਉਹਨਾਂ ਨੂੰ ਚੋਣਾਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਭਰਪੂਰ ਸਾਥ ਮਿਲਿਆ ਹੈ।ਗੋਲਡੀ ਖੰਗੂੜਾ ਨੇ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਦਾ ਦਾਅਵਾ ਕਰਦਿਆਂ ਪਾਰਟੀ ਵੱਲੋਂ ਸੌਂਪੀ ਗਈ ਜੁੰਮੇਵਾਰੀ ਅਤੇ ਹਲਕੇ ਦੇ ਲੋਕਾਂ ਦੀਆਂ ਪਾਰਟੀ ਤੋਂ ਉਮੀਦਾਂ ਉੱਪਰ ਖਰਾ੍ਹ ਉਤਰ ਕੇ ਵਿਰੋਧੀਆਂ ਨੂੰ ਪਛਾੜਦੇ ਹੋਏ ਆਪਣੇ ਆਪ ਨੂੰ ਸਾਬਤ ਕਰਕੇ ਦਿਖਾਉਣ ਦੀ ਗੱਲ ਵੀ ਕੀਤੀ।
Punjab Post Daily Online Newspaper & Print Media