Thursday, February 26, 2026

ਫਸਲ ਉਪਰ ਦੋ ਜਾਂ ਦੋਂ ਤੋਂ ਵੱਧ ਕੀਟਨਾਸ਼ਕਾਂ ਦੇ ਮਿਸ਼ਰਣ ਦੇ ਘੋਲ ਦਾ ਛਿੜਕਾਅ ਨਾ ਕੀਤਾ ਜਾਵੇ- ਡਾ. ਸ਼ਰਮਾ

PPN1102201713
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲੇ ਅੰਦਰ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਰਾਸ਼ਟਰੀ ਸੰਯੁਕਤ ਕੀਟ ਪ੍ਰਬੰਧ ਕੇਂਦਰ ਜਲੰਧਰ ਤੋਂ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਡਾ. ਰਜਿੰਦਰ ਸਿੰਘ ਸਹਾਇਕ ਨਿਰਦੇਸ਼ਕ ਦੀ ਅਗਵਾਈ ਹੇਠ ਜ਼ਿਲੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਬੀ.ਡੀ ਸ਼ਰਮਾ, ਡਾ. ਪਵਨ ਕੁਮਾਰ ਸਹਾਇਕ ਪੌਦ ਸੁਰੱਖਿਆ ਅਫਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਢਿਲੋਂ ਖੇਤੀ ਵਿਕਾਸ ਅਫਸਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਅਮਿਤ ਕੁਮਾਰ ਬੀ ਟੀ ਐਮ ਸ਼ਾਮਿਲ ਸਨ।
ਪਿੰਡ ਮੀਲਵਾਂ ਦੇ ਸਕੂਲ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਖੇਤੀਬਾੜੀ ਦਫਤਰ ਨਾਲ ਸ਼ੰਪਰਕ ਕਰਕੇ ਹੀ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਪੀਲੀ ਕੁੰਗੀ ਦੇ ਸ਼ੁਰੂਆਤੀ ਹਮਲੇ ਦੌਰਾਨ ਧੌੜੀਆਂ ਵਿੱਚ ਛਿੜਕਾਅ ਕਰਕੇ ਪੀਲੀ ਕੁੰਗੀ ਨੂੰ ਅਗਾਂਹ ਵਧਣ ਤੋਂ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਹੇ ਤੇ ਫਸਲ ਉਪਰ ਕਦੇ ਵੀ ਦੋ ਜਾਂ ਦੋਂ ਤੋਂ ਵੱਧ ਕੀਟਨਾਸ਼ਕਾਂ ਦੇ ਮਿਸ਼ਰਣ ਦੇ ਘੋਲ ਦਾ ਛਿੜਕਾਅ ਨਾਂ ਕੀਤਾ ਜਾਵੇ ਕਿਉਂਕਿ ਕੀਟਨਾਸ਼ਕਾਂ ਵਿੱਚ ਮੌਜੂਦ ਰਸਾਇਣਾਂ ਦਾ ਆਪਸ ਵਿੱਚ ਰੀਐਕਸ਼ਨ ਹੋਣ ਕਾਰਨ ਕੀਟਨਾਸ਼ਕ ਦਾ ਅਸਰ ਬੇਅਸਰ ਹੋ ਜਾਂਦਾ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਤੇ ਪਾਬੰਦੀ ਲਗਾ ਦਿੱਤੀ ਹੈ ਇਸ ਲਈ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਈ ਜਾਵੇ। ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਨਾਉਣ ਉਪਰੰਤ ਹਰੀ ਖਾਦ ਕਰਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਰਸਾਇਣਕ ਖਾਦਾਂ ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਕਟਾਈ ਤੋਂ ਬਾਅਦ ਜ਼ਿਲਾ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਕਿਸਾਨਾਂ ਨੇ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਕੀਤਾ, ਉਸੇ ਤਰਾਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ ਤਾਂ ਜੋੋ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ ।ਉਨਾਂ ਨੇ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਖੇਤ ਤੋਂ ਘਰ ਤੱਕ ਦੇ ਸਿਧਾਂਤ ਤਹਿਤ ਕਿਸਾਨਾਂ ਨੂੰ ਕਿਸਾਨ ਬਾਜ਼ਾਰ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਕਮਾਦ ਦੀ ਕਟਾਈ ਤੋਂ ਬਾਅਦ ਵਿਹਲੇ ਹੋਏ ਖੇਤਾਂ ਵਿੱਚ ਬਹਾਰ ਰੁੱਤ ਦੀ ਮੱਕੀ ਅਤੇ ਰਾਜਮਾਂਹ ਦੀ ਕਾਸਤ ਕੀਤੀ ਜਾ ਸਕਦੀ ਹੈ ਕਿ । ਡਾ ਸੰਦੀਪ ਸਿੰਘ ਨੇ ਕੈਂਪ ਵਿੱਚ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply