ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ (ਬਿਹਾਰ) ਵਿਖੇ ਆਯੋਜਿਤ ਕੀਤੇ ਗਏ ਵਿਸ਼ਾਲ ਗੁਰਮਤਿ ਸਮਾਗਮਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ ’ਤੇ ਸ਼ੁਕਰਾਨਾ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ 19 ਫਰਵਰੀ ਨੂੰ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸ਼ਾਮ ਸਮੇਂ ਇਥੇ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਨਿਤਿਸ਼ ਕੁਮਾਰ ਨੂੰ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤੇ ਗਏ ਫੈਸਲੇ ਅਨੁਸਾਰ ਸ੍ਰੀ ਨਿਤਿਸ਼ ਕੁਮਾਰ ਦਾ ਆਉਂਦੇ ਦਿਨੀਂ ਜਲਦ ਹੀ ਵਿਸ਼ੇਸ਼ ਸਨਮਾਨ ਕਰਨ ਲਈ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਪਟਨਾ ਸਾਹਿਬ ਵਿਖੇ ਕੀਤੇ ਗਏ ਸਨ। ਇਨ੍ਹਾਂ ਸਮਾਗਮਾਂ ਸਮੇਂ ਬਿਹਾਰ ਸਰਕਾਰ ਅਤੇ ਖਾਸਕਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮਿਸਾਲੀ ਪ੍ਰਬੰਧ ਕੀਤੇ ਗਏ ਸਨ ਜਿਸ ਦੀ ਸ਼ਲਾਘਾ ਸਮੁੱਚੇ ਸਿੱਖ ਜਗਤ ਵੱਲੋਂ ਕੀਤੀ ਗਈ ਹੈ।
ਇਸ ਤੋਂ ਪਹਿਲਾਂ 2:00 ਵਜੇ ਨਿਤਿਸ਼ ਕੁਮਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਦਰਸ਼ਨ ਵੀ ਕਰਨਗੇ।ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੁਪਹਿਰ ਨਤਮਸਤਕ ਹੋਣਗੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਵਧੀਕ ਸਕੱਤਰ ਮਹਿੰਦਰ ਸਿੰਘ ਆਹਲੀ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕਰਨਗੇ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media