ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਸੁੰਦਰ ਚੱਕ, ਭੋਆ, ਕੀੜੀ, ਮੈਰਾ ਆਦਿ ਦਾ ਦੌਰਾ ਕੀਤਾ।
ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਇਸ ਟੀਮ ਵਿੱਚ ਡਾ.ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ.ਅਮਰੀਕ ਸਿੰਘ ਖੇਤੀਬਾੜੀ ਅਫਸਰ, ਸਤਨਾਮ ਸਿੰਘ ਖੇਤੀਬਾੜੀ ਉਪ ਨਿਰੀਖਕ ਸ਼ਾਮਿਲ ਸਨ। ਦੌਰੇ ਦੌਰਾਨ ਪਿੰਡ ਕੀੜੀ ਵਿੱਚ ਕਣਕ ਦੀ ਕਿਸਮ ਐਚ ਡੀ 2967 ਤੇ ਪੀਲੀ ਕੁੰਗੀ ਦੇ ਸ਼ੁਰੂਆਤੀ ਲੱਛਣ ਦੇਖੇ ਗਏ ਅਤੇ ਮੌਕੇ ਤੇ ਹੀ ਪ੍ਰਭਾਵਤ ਖੇਤ ਵਿੱਚ ਪ੍ਰੋਪੀਕੋਨਾਜ਼ੋਲ ਦਾ ਛਿੜਕਾਅ ਕਰਵਾ ਦਿੱਤਾ ਗਿਆ ਤਾਂ ਜੋ ਅਗਾਂਹ ਬਿਮਾਰੀ ਨਾਂ ਫੈਲੇ । ਕਿਸਾਨਾਂ ਨੂੰ ਨਿਰੰਤਰ ਫਸਲ ਦਾ ਨਿਰੀਖਣ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਪੀਲੀ ਕੁੰਗੀ ਨਾਲ ਪ੍ਰਭਾਵਤ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਇੰਦਰਜੀਤ ਸਿੰਘ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ। ਜਦੋਂ ਬਿਮਾਰੀ ਵਧ ਜਾਂਦੀ ਹੈ ਤਾਂ ਬਿਮਾਰੀ ਸਿੱਟਿਆਂ ਤੇ ਵੀ ਦਿਖਾਈ ਦਿੰਦੀ ਹੈ ਜਿਸ ਨਾਲ ਦਾਣੇ ਪਤਲੇ ਪੈ ਜਾਂਦੇ ਹਨ ਅਤੇ ਝਾੜ ਘੱਟ ਜਾਂਦਾ ਹੈ। ਪੀਲੀ ਕੁੰਗੀ ਦੇ ਪੀਲੇ ਕਣ ,ਹਲਦੀ ਦੇ ਪਾਊਡਰ ਵਾਂਗ ਹੱਥਾਂ ਅਤੇ ਕੱਪੜਿਆਂ ਤੇ ਵੀ ਲੱਗ ਜਾਂਦੇ ਹਨ,ਜੋ ਬਿਮਾਰੀ ਦੇ ਅਗਾਂਹ ਫੈਲਣ ਵਿੱਚ ਸਹਾਈ ਹੁੰਦੇ ਹਨ। ਡਾ. ਅਮਰੀਕ ਸਿੰਘ ਢਿਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ (ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪੱਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾੳ ਸ਼ੁਰੂ ਕਰ ਦਿੰਦੇ ਹਨ ,ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ। ਡਾ. ਹਰਿੰਦਰ ਸਿੰਘ ਬੈਂਸ ਨੇ ਕਿਸਾਨਾਂ ਨੂੰੰ ਸਲਾਹ ਦਿੰਦਿਆਂ ਕਿਹਾ ਕਿ ਜਦ ਵੀ ਖੇਤਾਂ ਵਿੱਚ ਪੌਦਿਆਂ ਦੇ ਪੱਤੇ ਪੀਲੇ ਦਿਖਾਈ ਦੇਣ ਤਾਂ ਪ੍ਰਭਾਵਤ ਬੂਟਿਆਂ ਨੂੰ ਜੜਾਂ ਅਤੇ ਮਿੱਟੀ ਸਮੇਤ ਪੁੱਟ ਕੇ ਖੇਤੀ ਮਾਹਿਰਾਂ ਕੋਲ ਲਿਜਾ ਕੇ ਪਹਿਚਾਣ ਕਰਵਾਉਣ ਉਪਰੰਤ ਹੀ ਸਿਫਾਰਸ਼ਾਂ ਅਨੁਸਾਰ ਦਵਾਈਆਂ ਦਾ ਛਿੜਕਾਅ ਕਰਨ।ਤਾਂ ਜੋ ਸਮੇਂ ਸਿਰ ਪੀਲੀ ਕੁੰਗੀ ਬਿਮਾਰੀ ਨੁੰ ਪੰਜਾਬ ਵਿੱਚ ਵਧਣ ਤੋਂ ਰੋਕਿਆ ਅਤੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media