ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ)- ਸਿੱਖ ਸੰਗਤ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਖਾਲਸਾ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ।ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸਿੱਖ ਸੰਗਤ ਨੂੰ ਦਿੱਲੀ ਤੋਂ ਅੰਮ੍ਰਿਤਸਰ ਤੱਕ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। 
ਇਹ ਸ਼ਬਦ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਵਾਰਡ ਨੰਬਰ 9 ਪੰਜਾਬੀ ਬਾਗ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਵਾਰਡ ਦੀਆਂ ਵੱਖ-ਵੱਖ ਕਲੋਨੀਆਂ ਅਤੇ ਸੋਸਾਇਟੀਆਂ ਵਿਚ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੇ।ਉਹਨਾਂ ਕਿਹਾ ਕਿ ਉਨਾਂ ਨੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਧਾਰਨ ਅਤੇ ਸਿੱਖ ਭਾਈਚਾਰੇ ਦੀ ਭਲਾਈ ਵਾਸਤੇ ਜਿੰਨੇ ਵੀ ਵਾਅਦੇ ਕੀਤੇ ਸਨ, ਉਹਨਾਂ ਵਿਚੋਂ 80 ਫੀਸਦੀ ਵਾਅਦਿਆਂ ਨੂੰ ਪੂਰਾ ਕੀਤਾ ਹੈ।ਇਸ ਵਾਰ ਵੀ ਜੇਕਰ ਸਾਨੂੰ ਦਿੱਲੀ ਕਮੇਟੀ ਦੀ ਸੇਵਾ ਦਾ ਮੌਕਾ ਮਿਲਿਆ ਤਾਂ ਅਸੀਂ ਸਿੱਖ ਭਾਈਚਾਰੇ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ।
ਉਹਨਾਂ ਕਿਹਾ ਕਿ ਬੇਰੁਜ਼ਗਾਰ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਖਾਲਸਾ ਰੁਜ਼ਗਾਰ ਬਿਊਰੋ ਅਤੇ ਖਾਲਸਾ ਇੰਟਨੈਸ਼ਨਲ ਰੁਜ਼ਗਾਰ ਸੈਂਟਰ ਖੋਲ੍ਹੇ ਜਾਣਗੇ।ਇਹਨਾਂ ਸੈਂਟਰਾਂ ਵੱਲੋਂ ਸਿੱਖ ਨੋਜਵਾਨਾਂ ਨੂੰ ਉਹਨਾਂ ਦੀ ਯੋਗਤਾ ਅਤੇ ਕਾਬਲੀਅਤ ਮੁਤਾਬਿਕ ਰੁਜ਼ਗਾਰ ਦਿਵਾਉਣ ਵਿਚ ਮੱਦਦ ਕੀਤੀ ਜਾਵੇਗੀ।ਇੰਨਾ ਹੀ ਨਹੀਂ, ਖੇਡਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਤੇ ਵਿਦੇਸ਼ ਜਾਣ ਦੇ ਚਾਹਵਾਨ ਸਿੱਖ ਨੌਜਵਾਨਾਂ ਲਈ ਅਕਾਲੀ ਦਲ ਵੱਲੋਂ ਇੱਕ ਅੰਤਰਰਾਸ਼ਟਰੀ ਵਿੱਦਿਅਕ ਅਤੇ ਸਪੋਰਟਸ ਸੈਂਟਰ ਖੋਲ੍ਹਿਆ ਜਾਵੇਗਾ।ਸਿੱਖ ਵਿਰਸੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਵਿਚ ਤਾਜ਼ਾ ਰੱਖਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਰਸਾ ਨੇ ਕਿਹਾ ਕਿ 2019 ਵਿਚ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।ਇੰਨਾ ਹੀ ਨਹੀਂ ਸਾਲ 2018 ਵਿਚ ਆ ਰਹੀ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ 300ਵੀ ਜਨਮ ਸ਼ਤਾਬਦੀ ਨੂੰ ਵੀ ਪੂਰੇ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media