ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦਾ ਅਹਿਮ ਅੰਗ ਮੰਨੇ ਜਾਂਦੇ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖ ਕਾਊਂਸਲ ਆਫ ਸਕਾਟਲੈਂਡ ਦੇ ਪ੍ਰਧਾਨ ਸੁਲੱਖਣ ਸਿੰਘ ਦੇ ਵੱਲੋਂ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਨਾਲ ਸਬੰਧਤ 170 ਮੈਂਬਰੀਂ ਸਿਕਲੀਗਰ ਸਿੱਖ ਵਣਜਾਰਿਆਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਜੱਥਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦਿਦਾਰੇ ਕਰਨ ਲਈ ਸ਼ਰਧਾ ਤੇ ਉਤਸ਼ਾਹ ਨਾਲ ਲੈ ਕੇ ਆਉਣਾ ਆਪਣੇ ਆਪ ਵਿਚ ਇਕ ਮਿਸਾਲੀ ਕਾਰਜ ਹੈ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਨਾਲ ਸਬੰਧਤ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਪੰਜਾਬ ਵਿਖੇ ਸਥਿਤ ਗੁਰੂ ਸਾਹਿਬਾਨ ਦੇ ਇਤਿਹਾਸਕ ਗੁਰਧਾਮਾਂ ਜਿਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਸੁਲਤਾਨਪੁਰ ਲੋਧੀ ਅਤੇ ਚਮਕੌਰ ਸਾਹਿਬ ਆਦਿ ਦੇ ਦਰਸ਼ਨ ਦਿਦਾਰੇ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਸਾਂ ਉਪਲੱਬਧ ਕਰਵਾਈਆਂ ਗਈਆਂ ਹਨ, ਤਾਂ ਕਿ ਉਹ ਗੁਰੂ ਸਾਹਿਬਾਨ ਦੇ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਕੇ ਗੁਰ-ਇਤਿਹਾਸ, ਸਿੱਖ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਮਾਰਚ ਨੂੰ ਇਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮੁੱਚਾ ਸਿੱਖ ਪੰਥ ਸਿਕਲੀਗਰ ਸਿੱਖ ਵਣਜਾਰਿਆਂ ਨੂੰ ਆਪਣੇ ਕਲਾਵੇ ਵਿਚ ਲੈਣ ਲਈ ਪੂਰੀ ਤਰ੍ਹਾਂ ਉਤਸੁਕ ਰਿਹਾ ਹੈ ਅਤੇ ਇਨ੍ਹਾਂ ਦੇ ਜੀਵਨ ਪੱਧਰ ਨੂੰ ਹੋਰ ਉਪਰ ਚੁੱਕਣ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਈ ਵੱਖ-ਵੱਖ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ, ਤਾਂ ਕਿ ਸਿਕਲੀਗਰ ਸਿੱਖ ਵਣਜਾਰਿਆਂ ਦੇ ਬੱਚੇ ਗੁਰਸਿੱਖੀ ਵਿਚ ਪ੍ਰਪੱਕ ਹੋ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣ ਸਕਣ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media