Thursday, April 30, 2026

ਦਿੱਲੀ ਦੇ ਸਿੱਖ ਵੋਟਰਾਂ ਨੇ ਆਪ ਤੇ ਕਾਂਗਰਸ ਨੂੰ ਨਕਾਰਿਆ- ਸੁਖਬੀਰ ਬਾਦਲ

ਚੰਡੀਗੜ੍ਹ, 1 ਮਾਰਚ (ਪੰਜਾਬ ਪੋਸਟ ਬਿਊਰੋ) -ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ ਆਪ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।Sukhbir Badal

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹਨਾਂ ਚੋਣ ਨਤੀਜਿਆਂ ਨੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਦਿੱਲੀ ਦਾ ਸਿੱਖ ਭਾਈਚਾਰਾ ਪੂਰੀ ਤਰ੍ਹਾਂ ਅਕਾਲੀ ਦਲ ਦੇ ਨਾਲ ਹੈ ਅਤੇ ਉਸ ਨੇ ਪਾਰਟੀ ਵੱਲੋਂ ਪੰਜਾਬ ਅਤੇ ਰਾਜਧਾਨੀ ਵਿਚ ਕੀਤੇ ਕੰਮਾਂ ਨੂੰ ਸਰਾਹਿਆ ਹੈ। ਦਿੱਲੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮਿਹਨਤ ਕਰਨ ਵਾਲੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਵਧਾਈ ਦਿੰਦਿਆਂ ਬਾਦਲ ਨੇ ਕਿਹਾ ਕਿ ਵਿਰੋਧੀਆਂ ਦੁਆਰਾ ਕੀਤੇ ਕੂੜ-ਪ੍ਰਚਾਰ ਨੂੰ ਨਜ਼ਰਅੰਦਾਜ਼ ਕਰਕੇ ਪਾਰਟੀ ਦੀ ਜਿੱਤ ਲਈ ਕੰਮ ਕਰਨ ਵਾਲੇ ਸਾਰੇ ਅਕਾਲੀ ਵਰਕਰ ਭਰਪੂਰ ਪ੍ਰਸੰਸਾ ਦੇ ਹੱਕਦਾਰ ਹਨ। ਬਾਦਲ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੁਆਰਾ ਕੀਤੇ ਕੰਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਿੱਖ ਭਾਈਚਾਰੇ ਨੇ ਉਹਨਾਂ ਦੀ ਮਿਹਨਤ ਦਾ ਸੋਹਣਾ ਮੁੱਲ ਪਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹਨਾਂ ਚੋਣਾਂ ਵਿਚ ਆਪਣੀ ਸੰਸਥਾ ਖੜ੍ਹੀ ਕਰਨ ਦੀ ਸਿਰਤੋੜ ਕੋਸ਼ਿਸ਼ ਕੀਤੀ, ਇੱਥੋਂ ਤਕ ਕਿ ਪੰਥਕ ਸੇਵਾ ਦਲ ਨਾਂ ਦੀ ਜਥੇਬੰਦੀ ਬਣਾ ਕੇ ਆਪਣੇ ਉਮੀਦਵਾਰ ਚੋਣਾਂ ਵਿਚ ਉਤਾਰੇ। ਉਹਨਾਂ ਨੇ ਅਕਾਲੀ ਦਲ ਦੇ ਖਿਲਾਫ ਝੂਠੇ ਅਤੇ ਮਨਘੜਤ ਦੋਸ਼ ਲਗਾਏ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੇ ਚੋਣ ਨਤੀਜੇ ਆਪ ਦੇ ਕੰਮਾਂ ਉੱਤੇ ਇੱਕ ਫਤਵਾ ਹਨ, ਜੋ ਕਿ ਇਹ ਸੰਕੇਤ ਦਿੰਦੇ ਹਨ ਕਿ ਦਿੱਲੀ ਦੇ ਵੋਟਰਾਂ ਦਾ ਆਪ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਇਹਨਾਂ ਚੋਣਾਂ ਨੇ ਆਮ ਆਦਮੀ ਪਾਰਟੀ ਨੂੰ ਉਸ ਦੇ ਭਵਿੱਖ ਦੀ ਧੁੰਦਲੀ ਤਸਵੀਰ ਦਿਖਾ ਦਿੱਤੀ ਹੈ।
ਕਾਂਗਰਸ ਬਾਰੇ ਟਿੱਪਣੀ ਕਾਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲਾ ਧੜਾ ਕਾਂਗਰਸ ਦੀ ਸੱਜੀ ਬਾਂਹ ਹੈ ਅਤੇ ਇਸ ਧੜੇ ਨੇ ਸਿੱਖ ਵੋਟਰਾਂ ਨੂੰ ਉਲੂ ਬਣਾਉਣ ਦੀ ਪੂਰੀ ਵਾਹ ਲਾਈ ਸੀ, ਪਰ ਕਾਂਗਰਸ ਪਾਰਟੀ ਵਾਂਗ ਹੀ ਸਰਨਾ ਧੜੇ ਦੇ ਮਾੜੇ ਅਤੀਤ ਨੇ ਉਹਨਾਂ ਨੂੰ ਘੇਰਾ ਪਾ ਲਿਆ ਅਤੇ ਉਹਨਾਂ ਨੂੰ ਸ਼ਰਮਨਾਕ ਹਾਰ ਦਾ ਮੂੰਹ ਦੇਖਣਾ ਪਿਆ।
ਬਾਦਲ ਨੇ  ਸਿੱਖ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਅਕਾਲੀ ਦਲ ਉਹਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗਾ।ਦਿੱਲੀ ਕਮੇਟੀ ਸਿੱਖ ਭਾਈਚਾਰੇ ਦੀ ਭਲਾਈ ਲਈ ਹੋਰ ਵੀ ਵਧੇਰੇ ਜੋਸ਼ ਨਾਲ ਕੰਮ ਕਰੇਗੀ।ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਲੜਣ ਵਾਲੇ ਆਪਣੇ ਸਾਰੇ ਪਾਰਟੀ ਉਮੀਦਵਾਰਾਂ ਦੀ ਭਲਕੇ ਮੀਟਿੰਗ ਬੁਲਾਈ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply